ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਛੇ ਹਲਕਿਆ ਦੇ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਟਿੰਗ ਕੀਤੀ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਵੀ ਸ਼ਾਮਲ ਸਨ। ਸਾਰਿਆਂ ਨਾਲ ਸੂਬਾਈ ਸੰਸਦੀ ਸੀਟ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਦਿਨ ਚੱਲੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਉਹ ਲੋਕ ਸਭਾ ਚੋਣਾ ਨਹੀਂ ਲੜਣਗੇ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦੇ ਨਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਹੈ। ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਤੋਂ ਬਾਅਦ ਹੀ ਕੀਤਾ ਜਾਏਗਾ।ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ‘ਚ ਪਾਰਟੀ ਤੋਂ ਨਰਾਜ਼ ਹੋ ਕੇ ਬਾਹਰ ਗਏ ਕੁੱਝ ਲੀਡਰਾਂ ਵੱਲੋਂ ਹੁਣ ਘਰ ਵਾਪਸੀ ਵੀ ਕੀਤੀ ਗਈ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਿਛਲੀਆਂ ਲੋਕ ਸਭਾ ਚੋਣਾਂ ‘ਚ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜੇ ਅਤੇ ਜਿੱਤੇ ਸਨ।
ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ 2020 ਵਿਚ ਹੋਏ ਕਿਸਾਨਾਂ ਦੇ ਅੰਦੋਲਨ ਦੌਰਾਨ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਸੀ।