ਰਮਿੰਦਰ ਸਿੰਘ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਆਖਿਆ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਗੰਭੀਰ ਮੁੱਦਿਆਂ ਬਾਰੇ ਗੈਰ ਜ਼ਿੰਮੇਵਾਰਾਨਾ ਬਿਆਨ ਦੇਣ ਤੋਂ ਗਰੇਜ਼ ਕਰਨ ਅਤੇ ਉਹਨਾਂ ਕੇਂਦਰ ਸਰਕਾਰ ਨੁੰ ਅਪੀਲ ਕੀਤੀ ਕਿ ਚੰਡੀਗੜ੍ਹ ਨੂੰ ਪੰਜਾਬ ਨੂੰ ਸੌਂਪਿਆ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪਾਣੀ ਦੀ ਇਕ ਬੂੰਦ ਵੀ ਸੂਬੇ ਤੋਂ ਬਾਹਰ ਨਹੀਂ ਜਾਣ ਦੇਵੇਗਾ।
ਇਥੇ ਸੀਨੀਅਰ ਅਕਾਲੀ ਆਗੂ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਆਯੋਜਿਤ ਛਿੰਝ ਵਿਚ ਸ਼ਮੂਲੀਅਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਸ੍ਰੀ ਸ਼ੇਖਾਵਤ ਨੂੰ ਬੇਨਤੀ ਕਰਦਾ ਹਾਂ ਕਿ ਉਹ ਬਹੁਤ ਸੀਨੀਅਰ ਅਹੁਦੇ ’ਤੇ ਹਨ, ਉਹਨਾਂ ਨੂੰ ਚੰਡੀਗੜ੍ਹ ਅਤੇ ਸੂਬੇ ਦੇ ਦਰਿਆਈ ਪਾਣੀਆਂ ਵਰਗੇ ਗੰਭੀਰ ਮੁੱਦੇ ’ਤੇ ਬਿਆਨ ਦੇਣ ਤੋਂ ਪਹਿਲਾਂ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ।
ਚੰਡੀਗੜ੍ਹ ਦੇ ਮੁੱਦੇ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮਸਲਾ ਸਿਖਰਲੇ ਪੱਧਰ ’ਤੇ ਹੱਲ ਕੀਤਾ ਗਿਆ ਹੈ, ਉਹ ਵੀ ਇਕ ਵਾਰ ਨਹੀਂ ਬਲਕਿ ਅਨੇਕਾਂ ਵਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸੂਬੇ ਦੇ ਪੁਨਰਗਠਨ ਵੇਲੇ ਇਹ ਭਰੋਸਾ ਦੁਆਇਆ ਗਿਆ ਸੀ। ਇਸ ਮਗਰੋਂ ਇਹ ਘੋਸ਼ਣਾ 1970 ਵਿਚ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਿ ਚੰਡੀਗੜ੍ਹ ਪੰਜਾਬ ਨੂੰ ਸੌਂਪਿਆ ਜਾਵੇਗਾ।
ਉਹਨਾਂ ਕਿਹਾ ਕਿ ਰਾਜੀਵ ਲੌਂਗੋਵਾਲ ਸਮਝੌਤਾ ਜਿਸਦੀ ਸੰਸਦ ਦੇ ਦੋਹਾਂ ਸਦਨਾਂ ਨੇ ਤਸਦੀਕ ਕੀਤੀ ਸੀ ਜਿਸ ਵਿਚ ਵੀ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ ਕੀਤੀ ਗਈ ਸੀ। ਉਹਨਾਂ ਕਿਹਾ ਕਿ ਇਹਨਾਂ ਸਭ ਤੱਥਾਂ ਦੀ ਰੋਸ਼ਨੀ ਵਿਚ ਅਜਿਹਾ ਸਹੀ ਨਹੀਂ ਜਾਪਦਾ ਹੈ ਕਿ ਚੰਡੀਗੜ੍ਹ ਦੇ ਰੁਤਬੇ ਨੁੰ ਲੈ ਕੇ ਨਵੀਂਆਂ ਸ਼ਰਤਾਂ ਤੇ ਨਿਯਮ ਬਣਾ ਕੇ ਮਾਮਲੇ ਨੂੰ ਗੁੰਝਲਦਾਰ ਬਣਾਇਆ ਜਾਵੇ।
ਦਰਿਆਈ ਪਾਣੀਆਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਸ਼ੇਖਾਵਤ ਜੋ ਰਾਜਸਥਾਨ ਤੋਂ ਹਨ, ਨੇ ਪੰਜਾਬ ਭਾਜਪਾ ਦੇ ਇੰਚਾਰਜ ਵਜੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਇਹ ਦਾਅਵਾ ਕੀਤਾ ਹੈ ਕਿ ਰਾਜਸਥਾਨ ਦਾ ਬੀ ਬੀ ਐਮ ਬੀ ਵਿਚ ਬਰਾਬਰ ਦਾ ਹੱਕ ਹੈ। ਉਹਨਾਂ ਕਿਹਾ ਕਿ ਇਹ ਕੋਰਾ ਝੂਠ ਹੈ ਕਿਉਂਕਿ ਇਹ ਹਰ ਕੋਈ ਜਾਣਦਾ ਹੈ ਕਿ ਰਾਜਸਥਾਨ ਦਾ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਕੋਈ ਹੱਕ ਨਹੀਂ ਹੈ ਤੇ ਰਾਜਸਥਾਨ ਨਹਿਰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਤਾਨਾਸ਼ਾਹੀ ਹੁਕਮਾਂ ’ਤੇ ਬਣਾਈ ਗਈ ਸੀ।
ਇਹ ਵੀ ਪੜ੍ਹੋ:ਬੈੱਡ ਨਾ ਮਿਲਣ ਕਾਰਨ ਭਾਰਤੀ ਗਰਭਵਤੀ ਔਰਤ ਦੀ ਮੌਤ ਤੋਂ ਬਾਅਦ ਪੁਰਤਗਾਲ ਦੀ ਸਿਹਤ ਮੰਤਰੀ ਨੇ ਅਸਤੀਫ਼ਾ ਦਿੱਤਾ,ਪੜ੍ਹੋ ਸਾਰੀ ਖ਼ਬਰ
ਜਦੋਂ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੰਜਾਬ ਨੂੰ ਇਸਦੇ ਬਣਦੇ ਹੱਕ ਦੇਣ ਤੋਂ ਨਾਂਹ ਕਰਨ ਦੇ ਇਸ ਕਦਮ ਦਾ ਵਿਰੋਧ ਨਹੀਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੂਬੇ ਨਾਲ ਕੋਈ ਅਨਿਆਂ ਨਾ ਹੋਵੇ। ਉਹਨਾਂ ਕਿਹਾ ਕਿ ਜਿਥੇ ਤੱਕ ਅਕਾਲੀ ਦਲ ਦਾ ਸਵਾਲ ਹੈ ਤਾਂ ਇਹ ਚੰਡੀਗੜ੍ਹ ਨੂੰ ਮਿਲਣ ਤੱਕ ਸੰਘਰਸ਼ ਕਰਦਾ ਰਹੇਗਾ ਤੇ ਪਾਣੀ ਦੀ ਇਕ ਬੂੰਦ ਵੀ ਸੂਬੇ ਤੋਂ ਬਾਹਰ ਨਹੀਂ ਜਾਣ ਦੇੇਵੇਗਾ।
ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ,ਗੋਲਡੀ ਬਰਾੜ ‘ਤੇ ਯੂਏਪੀਏ ਤਹਿਤ FIR ਦਰਜ…
ਇਸ ਤੋਂ ਪਹਿਲਾਂ ਛਿੰਝ ਮੇਲੇ ’ਤੇ ਅਕਾਲੀ ਦਲ ਦੇ ਪ੍ਰਧਾਨ ਨੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੂੰ ਉਤਸ਼ਾਹਿਤ ਕੀਤਾ। ਉਹਨਾਂ ਨੂੰ ਮੇਲਾ ਕੇਮਟੀ ਵੱਲੋਂ ਸਨਮਾਨਤ ਵੀ ਕੀਤਾ। ਉਹਨਾਂ ਨੇ ਪਿਛਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੱਲੋਂ ਖੇਡਾਂ ਦੀ ਪ੍ਰਫੁੱਲਤਾ ਲਈ ਚੁੱਕੇ ਕਦਮਾਂ ਦੀ ਗੱਲ ਵੀ ਕੀਤੀ।