ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝੱਟਕਾ ਦਿੰਦਿਆਂ ਸੁਪਰੀਮ ਕੋਰਟ ਦੇ ਫ਼ੈਸਲਾ ਦੇ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰਿਆਣਾ ਦੇ ਗੁਰਦੁਆਰੇ ਵੱਖਰੇ ਤੌਰ ਤੇ ਸਾਂਭ ਸੰਭਾਲ ਕਰਨ ਦੇ ਐਕਟ ਨੂੰ ਮਾਨਤਾ ਦਿੱਤੀ ਹੈ। ਇਸ ਫ਼ੈਸਲੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਰੀਵਿਊ ਪਟੀਸ਼ਨ ਦਾਇਰ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਕਿੰਤੂ ਨਹੀਂ ਕੀਤਾ ਜਾ ਸਕਦਾ ਪਰ ਰੀਵਿਊ ਪਟੀਸ਼ਨ ਦਾਇਰ ਕਰਨ ਦਾ ਸਾਡੇ ਕੋਲ ਹੱਕ ਹੈ। ਜਿਸ ਲਈ ਸ਼੍ਰੋਮਣੀ ਕਮੇਟੀ ਵਕੀਲਾਂ ਦੀ ਰਾਇ ਨਾਲ ਰੀਵਿਊ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਤੇ ਗੁਰਦੁਆਰਿਆਂ ਦੇ ਪ੍ਰਬੰਧ ਸਬੰਧੀ 1925 ਐਕਟ ਦੇ ਆਧਾਰ ਤੇ ਚੁਣੇ ਹੋਏ ਨੁਮਾਇੰਦੇ ਹੀ ਪ੍ਰਬੰਧ ਸੰਭਾਲਦੇ ਹਨ।
ਪਿਛਲੇ ਸਮੇਂ ਦਰਮਿਆਨ ਹਰਿਆਣਾ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇ ਕੇ ਇਕ ਨਵਾਂ ਵਿਵਾਦ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਵਿੱਚ ਗਈ ਸੀ, ਪਰ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕੀਤਾ ਗਿਆ ਹੈ। ਜਿਸ ਲਈ ਉਹ ਰੀਵਿਊ ਪਟੀਸ਼ਨ ਪਾਉਣ ਦੀਆਂ ਤਿਆਰੀਆਂ ਕਰ ਰਹੇ ਹਨ।