ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਲਈ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਵੱਲੋਂ ਸ਼੍ਰੋਮਣੀ ਕਮੇਟੀ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਸਾਬਕਾ ਆਈਏਐਸ ਅਤੇ ਕਾਰਜਕਾਰਨੀ ਕਮੇਟੀ ਨੇ ਇਹ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਅਤੇ ਸੰਸਥਾਵਾਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਚੱਲ ਰਹੇ ਕਾਰਜਾਂ ਵਿਚ ਸਹਿਯੋਗ ਕਰ ਰਹੀਆਂ ਹਨ, ਜਿਨ੍ਹਾਂ ਦਾ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਦੀਆਂ ਫਸਲਾਂ ਦੀ ਬਿਜਾਈ ਵਾਸਤੇ ਡੀਜ਼ਲ ਅਤੇ ਕਣਕ ਦੇ ਮਿਆਰੀ ਬੀਜ ਦੀ ਜ਼ਰੂਰਤ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਯਤਨ ਕੀਤੇ ਜਾ ਰਹੇ ਹਨ। ਐਡਵੋਕੇਟ ਧਾਮੀ ਨੇ ਸਿੱਖ ਐਜੂ਼ੂਕੇਸ਼ਨਲ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਵੱਲੋਂ ਦਿੱਤੀ ਮਾਇਆ ਨਾਲ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਲਈ ਯਤਨਸ਼ੀਲ ਰਹੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀਨੀਅਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਅਤੇ ਹੋਰ ਮੌਜੂਦ ਸਨ।