ਫ਼ਤਹਿਗੜ੍ਹ ਸਾਹਿਬ: ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਸ਼ਾਸ਼ਨ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਇੱਕ ਕਿਊਆਰਕੋਡ ਬਣਾਇਆ ਗਿਆ ਹੈ ਜਿਸ ਨੂੰ ਸਕੈਨ ਕਰਨ ਉਪਰੰਤ ਇੱਕ ਨਕਸ਼ਾ ਸਾਹਮਣੇ ਆਉਂਦਾ ਹੈ ਜਿਸ ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਆਪਣੇ ਦਫ਼ਤਰ ਵਿਖੇ ਸ਼ਹੀਦੀ ਸਭਾ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਹਰੇਕ ਸ਼ਰਧਾਲੂ ਨੂੰ ਚਾਹੀਦਾ ਹੈ ਕਿ ਇਸ ਕਿਊ.ਆਰ.ਕੋਡ ਨੂੰ ਆਪਣੇ ਮੋਬਾਇਲ ਵਿੱਚ ਸੁਰੱਖਿਅਤ ਕਰਕੇ ਸਹੂਲਤਾਂ ਦੀ ਸੂਚੀ ਡਾਊਨਲੋਡ ਕਰਕੇ ਰੱਖਣ ਤਾਂ ਜੋ ਸ਼ਹੀਦੀ ਸਭਾ ਦੌਰਾਨ ਆਸਾਨੀ ਨਾਲ ਸਹੂਲਤਾਂ ਦਾ ਲਾਭ ਲਿਆ ਜਾ ਸਕੇ।
ਐਸ.ਡੀ.ਐਮ. ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਪਹਿਲੀ ਵਾਰ ਸ਼ਰਧਾਲੂਆਂ ਦੀ ਸਹੂਲਤ ਲਈ ਪੰਜ ਸਮਾਧਾਨ ਕੇਂਦਰ ਬਣਾਏ ਜਾ ਰਹੇ ਹਨ ਜਿਥੋਂ ਕਿ ਪੁਲਿਸ ਸਹਾਇਤਾ ਅਤੇ ਮੈਡੀਕਲ ਸਹਾਇਤਾ ਤੋਂ ਇਲਾਵਾ ਹੋਰ ਸਹੂਲਤਾਂ ਵੀ ਹਾਸਲ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਧਾਨ ਕੇਂਦਰਾਂ ਤੇ ਗੁੰਮਸ਼ੁਦਾ ਬਾਰੇ ਸੂਚਨਾ ਦੇਣ ਦੇ ਨਾਲ-ਨਾਲ ਐਮਰਜੰਸੀ ਦੀ ਹਾਲਤ ਵਿੱਚ ਮੈਡੀਕਲ ਸਹੂਲਤ ਵੀ ਹਾਸਲ ਕੀਤੀ ਜਾ ਸਕੇਗੀ।
ਉਨ੍ਹਾਂ ਹੋਰ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਤਿਆਰ ਕਰਵਾਏ ਗਏ ਨਕਸ਼ੇ ਰਾਹੀਂ ਬਣਾਈਆਂ ਗਈਆਂ ਪਾਰਕਿੰਗਾਂ ਦੀ ਅਸਲ ਜਗ੍ਹਾਂ ਦੀ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਵੱਖ-ਵੱਖ ਦਿਸ਼ਾਵਾਂ ਤੋਂ ਆਉਣ ਵਾਲੇ ਸ਼ਰਧਾਲੂ ਆਪਣੀ ਸਹੂਲਤ ਅਨੁਸਾਰ ਆਪਣੇ ਵਾਹਨ ਖੜੇ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਨਕਸ਼ੇ ਵਿੱਚ ਆਰਜੀ ਬੱਸਾਂ ਚੱਲਣ ਬਾਰੇ, ਆਰਜੀ ਪਖਾਨਿਆਂ ਦੀ ਜਾਣਕਾਰੀ ਵੀ ਦਿੱਤੀ ਗਈ ਹੈ।
ਅਟਵਾਲ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਰਧਾਲੂਆਂ ਦੀ ਸਹੂਲਤ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕਰੇਗਾ ਅਤੇ ਸ਼ਰਧਾਲੂਆਂ ਨੂੰ ਲੋੜ ਅਨੁਸਾਰ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਸੁਚਾਰੂ ਆਵਾਜਾਈ ਲਈ ਆਪਣੇ ਵਾਹਨ ਸੜਕਾਂ ਕਿਨਾਰੇ ਨਾ ਖੜੇ ਕੀਤੇ ਜਾਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੇ ਹਾਦਸੇ ਨਾ ਵਾਪਰ ਸਕਣ ਅਤੇ ਪੈਦਲ ਚੱਲਣ ਵਾਲੇ ਸ਼ਰਧਾਲੂ ਬਿਨਾਂ ਕਿਸੇ ਵਿਘਨ ਤੋਂ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h