ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਛੇਵੇਂ ਦਿਨ ਵੀ ਮਿਲ ਰਹੀਆਂ ਹਨ, ਜਿਸ ਨਾਲ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧ ਗਈ ਹੈ।
ਤਾਜ਼ਾ ਘਟਨਾ ਸ਼ਨੀਵਾਰ ਰਾਤ ਦੀ ਹੈ, ਜਦੋਂ ਦੁਬਾਰਾ ਸ਼੍ਰੋਮਣੀ ਕਮੇਟੀ ਦੇ ਈ-ਮੇਲ ‘ਤੇ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ। ਪਿਛਲੇ ਛੇ ਦਿਨਾਂ ਵਿੱਚ ਇਹ ਅੱਠਵਾਂ ਮੌਕਾ ਹੈ ਜਦੋਂ ਇਸ ਪਵਿੱਤਰ ਸਥਾਨ ਨੂੰ ਨੁਕਸਾਨ ਪਹੁੰਚਾਉਣ ਦਾ ਖ਼ਤਰਾ ਆਇਆ ਹੈ।
ਇਨ੍ਹਾਂ ਘਟਨਾਵਾਂ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ, ਜਿਸ ਵਿੱਚ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਵੀ ਪੂਰੀ ਚੌਕਸੀ ਨਾਲ ਤਾਇਨਾਤ ਹੈ। ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੂਬੇ ਅਤੇ ਕੇਂਦਰ ਦੀਆਂ ਸੁਰੱਖਿਆ ਏਜੰਸੀਆਂ ‘ਤੇ ਸਵਾਲ ਖੜ੍ਹੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਤਕਨਾਲੋਜੀ ਅਤੇ ਸਰੋਤਾਂ ਦੀ ਉਪਲਬਧਤਾ ਦੇ ਬਾਵਜੂਦ, ਹੁਣ ਤੱਕ ਅਸਲ ਦੋਸ਼ੀ ਦੀ ਪਛਾਣ ਨਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਥੇਦਾਰ ਨੇ ਮੰਗ ਕੀਤੀ ਕਿ ਦੋਸ਼ੀ ਨੂੰ ਜਲਦੀ ਤੋਂ ਜਲਦੀ ਖਾਲਸਾ ਪੰਥ ਸਾਹਮਣੇ ਪੇਸ਼ ਕੀਤਾ ਜਾਵੇ ਅਤੇ ਧਮਕੀ ਦੇ ਪਿੱਛੇ ਦੇ ਮਕਸਦ ਦੀ ਪੂਰੀ ਜਾਂਚ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰਿਮੰਦਰ ਸਾਹਿਬ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਇੱਕ ਸਾਂਝਾ ਅਧਿਆਤਮਿਕ ਸਥਾਨ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ।