ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ
• ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ
* ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ
* ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ
* ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ
* ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਹੱਲਾ ਬੋਲਿਆ
* ‘ਆਪ’ ਤੋਂ ਡਰ ਰਹੀ ਭਾਜਪਾ ਸਾਨੂੰ ਨਿਸ਼ਾਨਾ ਬਣਾ ਰਹੀ ਹੈਃ ਕੇਜਰੀਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ ‘ਆਪ’ ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮਿਆਰੀ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਵਿੱਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਪੰਜਾਬ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਖ਼ਰੀਦ ਲਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ ‘ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਹਨ, ਜਿਸ ਕਾਰਨ ਸੂਬੇ ਦੇ ਹਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰੀ ਭਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਲੋਕ ਉਨ੍ਹਾਂ ਦੇ ਨਾਲ ਹਨ ਕਿਉਂਕਿ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਖ਼ਾਸ ਕਰਕੇ ਕਾਂਗਰਸ ਅਤੇ ਅਕਾਲੀਆਂ ਨੇ ਲੋਕਾਂ ਦਾ ਪੂਰਾ ਸਮਰਥਨ ਗੁਆ ਲਿਆ ਹੈ, ਜਿਸ ਕਾਰਨ ਉਹ ਗੁਮਨਾਮੀ ਦੇ ਰਾਹ ਪੈ ਗਏ ਹਨ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਰਾਜ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ।
ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਪਹਿਲਾਂ ਸਨਅਤਕਾਰ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖ਼ਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਕਾਰਜਭਾਰ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਮੰਤਵ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲੇ ਕੇਂਦਰ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਗਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਹ ਫੰਡ ਜਾਰੀ ਕਰ ਦਿੱਤੇ ਜਾਣ ਤਾਂ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੋਰ ਹੁਲਾਰਾ ਦੇ ਸਕਦੀ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਲੋਕਾਂ ਅਤੇ ਸੂਬੇ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦਰਮਿਆਨ ਦਰਾਰ ਪੈਦਾ ਕਰਨ ਦੇ ਇਸ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਖੁਰਾਕ ਸੁਰੱਖਿਆ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੰਡਿਆਲੀ ਤਾਰ ਲਾਉਣ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੇਸ਼ ਨੂੰ ਪੰਜਾਬ ਤੋਂ ਹੀ ਚੌਲਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਕੀਤਾ ਜਾਣਾ ਚਾਹੀਦਾ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਹਾਨ ਸ਼ਹੀਦਾਂ ਦੀ ਝਾਕੀ ਨੂੰ ਰੱਦ ਕਰਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਹੋਰਨਾਂ ਸ਼ਹੀਦਾਂ ਅਤੇ ਮਹਾਨ ਆਗੂਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਨ੍ਹਾਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸੂਬੇ ਭਰ ਵਿੱਚ ਇਹ ਝਾਕੀਆਂ ਦਿਖਾ ਕੇ ਇਨ੍ਹਾਂ ਨਾਇਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸੂਬਾ ਸਰਕਾਰ ਵੱਲੋਂ ਸਸਤੇ ਭਾਅ ’ਤੇ ਖਰੀਦਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 5500 ਕਰੋੜ ਰੁਪਏ ਦਾ ਇਹ ਪਲਾਂਟ ਸਿਰਫ਼ 1100 ਕਰੋੜ ਰੁਪਏ ਦੀ ਕੀਮਤ ‘ਤੇ ਖਰੀਦਿਆ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਫੀਸਦ ਘਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਪਲਾਂਟ ਨਾਲ ਹੁਣ ਹੋਰ ਸੈਕਟਰਾਂ ਨੂੰ ਵੀ ਸਬਸਿਡੀ ਆਧਾਰਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਨੀਵਾਰ ਨੂੰ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਵਿੱਚੋਂ ਰਾਸ਼ਨ ਮਾਫ਼ੀਆ ਨੂੰ ਖ਼ਤਮ ਕਰਨ ਲਈ ਅਹਿਮ ਕਦਮ ਸਾਬਤ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਦੁਹਰਾਇਆ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਪੀ.ਡੀ.ਐਸ. ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਜੇ 100 ਕਿਲੋ ਰਾਸ਼ਨ ਆਉਂਦਾ ਸੀ ਤਾਂ ਸਿਰਫ਼ 15 ਕਿਲੋ ਹੀ ਲੋਕਾਂ ਤੱਕ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਦੀ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਣ ਵਾਲੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ ਦੇਸ਼ ਭਰ ਵਿੱਚ ਰਾਸ਼ਨ ਦੀ ਨਿਰਵਿਘਨ ਅਤੇ ਸੁਚਾਰੂ ਡਿਲੀਵਰੀ ਮਿਲੇਗੀ।
ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦੇ 8000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀ ਮਕਬੂਲੀਅਤ ਤੋਂ ਡਰਦੀ ਹੈ, ਜਿਸ ਕਾਰਨ ਉਹ ਸਾਡੇ ਕੰਮਕਾਜ ਵਿੱਚ ਅੜਿੱਕੇ ਡਾਹੁਣ ਲਈ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਆਪ’ ਨੂੰ ਬਦਨਾਮ ਕਰਨ ਲਈ ਹਰ ਸਮੇਂ ਚਾਲਾਂ ਚੱਲ ਰਹੀ ਹੈ ਕਿਉਂਕਿ ਉਹ ਡਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਖਾਸ ਕਰਕੇ ‘ਆਪ’ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਜਨਤਾ ‘ਆਪ’ ਪਾਰਟੀ ਦੇ ਨਾਲ ਹੈ ਅਤੇ ਪਰਮਾਤਮਾ ਦਾ ਅਸ਼ੀਰਵਾਦ ਨਾਲ ਹੈ ਤਾਂ ਸਾਨੂੰ ਕਿਸੇ ਦਾ ਡਰ ਨਹੀਂ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਦੋਗਲੇ ਆਗੂਆਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੁਫ਼ਤ ਬਿਜਲੀ ਦੇਣ ਵਾਲੇ ਚੋਰ ਨਹੀਂ, ਸਗੋਂ ਚੋਰ ਉਹ ਹਨ, ਜੋ ਮਹਿੰਗੀ ਬਿਜਲੀ ਦੇ ਕੇ ਲੋਕਾਂ ਦੀ ਲੁੱਟ-ਖਸੁੱਟ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਅੰਤਮ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਹਾਸਲ ਕੀਤਾ ਜਾਵੇਗਾ।