Malvinder Singh Kang vs Sukhbir Singh Badal: ਆਮ ਆਦਮੀ ਪਾਰਟੀ ਪੰਜਾਬ ਨੇ ਰਾਜਸਥਾਨ ਨੂੰ ਪਾਣੀ ਦੇਣ ਦੇ ਮੁੱਦੇ ਦਾ ਖੰਡਨ ਕੀਤਾ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਖਬੀਰ ਬਾਦਲ ਰਾਜਸਥਾਨ ਨੂੰ ਪਾਣੀ ਦੇਣ ਦੇ ਮੁੱਦੇ ‘ਤੇ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਰਾਜਸਥਾਨ ਨੂੰ ਪਾਣੀ ਦੀ ਇੱਕ ਵਾਧੂ ਬੂੰਦ ਵੀ ਨਹੀਂ ਦੇਣ ਜਾ ਰਹੀ।
ਬੁੱਧਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕੰਗ ਨੇ ਸੁਖਬੀਰ ਬਾਦਲ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਝੂਠ ਫੈਲਾ ਰਹੇ ਹਨ। ਪਰ ਹੁਣ ਪੰਜਾਬ ਦੇ ਲੋਕ ਇਨ੍ਹਾਂ ਦੇ ਝੂਠ ਤੋਂ ਗੁੰਮਰਾਹ ਹੋਣ ਵਾਲੇ ਨਹੀਂ ਹਨ।
ਕੰਗ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਦੀ ਪਹਿਲਾਂ ਹੀ ਕਮੀ ਹੈ, ਇਸ ਲਈ ਵਾਧੂ ਪਾਣੀ ਹੋਰ ਸੂਬਿਆਂ ਨੂੰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪਿਛਲੇ 60-70 ਸਾਲਾਂ ਤੋਂ ਰਾਜਸਥਾਨ ਨੂੰ ਜਿੰਨਾ ਪਾਣੀ ਜਾ ਰਿਹਾ ਹੈ, ਉਸ ਤੋਂ ਵੱਧ ਪਾਣੀ ਦੇਣ ਦੀ ਕਦੇ ਕੋਈ ਗੱਲ ਨਹੀਂ ਹੋਈ। ਰਾਜਸਥਾਨ ਨੂੰ ਇਸ ਤੋਂ ਇੱਕ ਬੂੰਦ ਵੀ ਵੱਧ ਪਾਣੀ ਨਹੀਂ ਮਿਲੇਗਾ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਮਾਨ ਸਰਕਾਰ ‘ਤੇ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਦੇਣ ਦੇ ਦੋਸ਼ ਲਗਾ ਰਹੀ ਹੈ, ਜਦਕਿ ਅਸਲੀਅਤ ਇਹ ਹੈ ਕਿ ਮਾਨ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਅਤੇ ਕਿਸਾਨਾਂ ਅਤੇ ਖੇਤੀ ਦੀ ਹਾਲਤ ਸੁਧਾਰਨ ਲਈ ਲਗਾਤਾਰ ਵੱਡੇ ਫੈਸਲੇ ਲੈ ਰਹੀ ਹੈ। ਜਿਨ੍ਹਾਂ ਥਾਵਾਂ ‘ਤੇ ਸਾਲਾਂ ਤੋਂ ਨਹਿਰੀ ਪਾਣੀ ਨਹੀਂ ਪਹੁੰਚਿਆ, ਉੱਥੇ ਵੀ ਸਰਕਾਰ ਨਹਿਰੀ ਪਾਣੀ ਪਹੁੰਚਾਉਣ ਦਾ ਕੰਮ ਕਰ ਰਹੀ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਦੀ ਖੇਤੀ ਲਈ ਵਰਤੋਂ ਨਾ ਕਰਨੀ ਪਵੇ। ਕਈ ਥਾਵਾਂ ’ਤੇ ਨਹਿਰੀ ਪਾਣੀ ਪਹੁੰਚ ਵੀ ਚੁੱਕਾ ਹੈ। ਇਹ ਗੱਲਾਂ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਆ ਰਹੀਆਂ, ਇਸੇ ਕਰਕੇ ਵਿਰੋਧੀ ਧਿਰ ਦੇ ਕਈ ਆਗੂ ਇੱਕ ਸਾਜ਼ਿਸ਼ ਤਹਿਤ ਸਰਕਾਰ ਨੂੰ ਬਦਨਾਮ ਕਰਨ ਲਈ ਝੂਠ ਬੋਲ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h