ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਬੀਤੇ ਦਿਨ ਇਕ ਮਤਾ ਪਾਸ ਕਰ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ। ਜਿਸ ਤੋਂ ਬਾਅਦ ਹਰਿਆਣਾ ਸਰਕਾਰ ਵੀ ਚੰਡੀਹੜ੍ਹ ਮਸਲੇ ਨੂੰ ਲੈ ਕੇ ਸਰਗਰਮ ਹੋ ਗਈ ਹੈ। ਖਟੜ ਸਰਕਾਰ ਵੀ ਚੰਡੀਗੜ੍ਹ ‘ਤੇ ਹਰਿਆਣਾ ਦਾ ਹੱਕ ਦੱਸ ਰਹੀ ਹੈ। ਜਿਸ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਇਕ ਬਿਆਨ ਦੇਖਣ ਨੂੰ ਮਿਲਿਆ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਸਭਾ ‘ਚ ਜੋ ਮਤਾ ਪਾਸ ਕੀਤਾ ਹੈ ਉਹ ਚੰਗੀ ਗੱਲ ਹੈ ਪਰ ਇੰਝ ਪੰਜਾਬ ਨੂੰ ਚੰਡੀਗੜ੍ਹ ਨਹੀਂ ਮਿਲੇਗਾ। ਇਸ ਲਈ ਸਾਨੂੰ ਕੇਂਦਰ ਸਰਕਾਰ ਖਿਲਾਫ ਅੰਦੋਲਨ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਨੇ ਬੀ. ਬੀ. ਐੱਮ. ਬੀ. ਦੇ ਰੂਲਜ਼ ਵਿਚ ਸੋਧ ਕਰ ਕੇ ਪੰਜਾਬ ਪ੍ਰਤੀ ਆਪਣੇ ਵਿਚਾਰ ਸਪੱਸ਼ਟ ਕਰ ਦਿੱਤੇ ਹਨ ਕਿ ਉਹ ਜਲਦ ਹੀ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਜਾ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਪਾਣੀਆਂ ਦੀ ਲੜਾਈ ਲਈ ਤਿਆਰ ਹੋਣਾ ਪਵੇਗਾ। ਕੇਂਦਰ ਵਿਚ ਸਰਕਾਰ ਕਿਸੇ ਦੀ ਹੋਵੇ, ਉਹ ਪਾਣੀਆਂ ਦੇ ਮਸਲੇ ’ਤੇ ਪੰਜਾਬ ਅਤੇ ਹਰਿਆਣਾ ਦੀ ਲੜਾਈ ਕਰਵਾ ਕੇ ਲੋਕਾਂ ਤੋਂ ਆਪਣੀਆਂ ਨਾਕਾਮੀਆਂ ਹੀ ਨਹੀਂ ਛੁਪਾਉਂਦੀ ਸਗੋਂ ਲੋਕਾਂ ਦਾ ਬੁਨਿਆਦੀ ਮੁੱਦੇ ਤੋਂ ਧਿਆਨ ਵੀ ਹਟਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਗ਼ਲਤੀ ਕਾਰਨ ਰਾਵੀ ਦਾ ਪਾਣੀ ਮੁਫ਼ਤ ਵਿਚ ਪਾਕਿਸਤਾਨ ਨੂੰ ਜਾ ਰਿਹਾ ਹੈ ਤੇ ਹੁਣ ਸਮਾਂ ਆ ਗਿਆ ਹੈ ਕਿ ਲੋਕ ਸਰਕਾਰ ਤੋਂ ਦਰਿਆਈ ਪਾਣੀਆਂ ਦਾ ਲੇਖਾ-ਜੋਖਾ ਮੰਗ ਕੇ ਪੰਜਾਬ ਅਤੇ ਹਰਿਆਣੇ ਵਿਚ ਨਵੇਂ ਸਿਰੇ ਤੋਂ 60 ਅਤੇ 40 ਦੇ ਅਨੁਪਾਤ ਅਨੁਸਾਰ ਪਾਣੀ ਦੀ ਵੰਡ ਦੀ ਮੰਗ ਕਰਨ।