35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਮਹਿਲ ਕਲਾਂ ਦੇ ਵਸਨੀਕ ਸੰਜੇ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ ਰਜਿਸਟਰੀ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।