ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਈ ਹਾਦਸਿਆਂ ਦੀਆਂ ਖਬਰਾਂ ਆ ਰਹੀਆਂ ਹਨ। ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ‘ਤੇ ਵੱਡਾ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਈਵੇਅ ‘ਤੇ ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਰਿਪੋਰਟਾਂ ਮੁਤਾਬਕ ਬੱਸ ਇੱਕ ਟਿੱਪਰ ਟਰੱਕ ਨਾਲ ਟਕਰਾ ਗਈ। ਟਿੱਪਰ ਦੇ ਅੱਗੇ ਜਾ ਰਹੀ ਇੱਕ ਕਾਰ ਵੀ ਟੱਕਰ ਦੀ ਲਪੇਟ ਵਿਚ ਆ ਗਈ, ਜਿਸ ਕਾਰਨ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ।
ਟੱਕਰ ਐਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਡਰਾਈਵਰ ਸਮੇਤ ਕਈ ਯਾਤਰੀ ਜ਼ਖਮੀ ਹੋ ਗਏ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੰਭੀਰ ਜ਼ਖਮੀ ਬੱਸ ਡਰਾਈਵਰ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਅੱਗੇ ਵਾਲੇ ਟਿੱਪਰ ਨਾਲ ਟਕਰਾ ਗਈ। ਹਾਦਸੇ ਕਾਰਨ ਥੋੜ੍ਹਾ ਜਿਹਾ ਟ੍ਰੈਫਿਕ ਜਾਮ ਹੋ ਗਿਆ। ਸੜਕ ਸੁਰੱਖਿਆ ਬਲ ਅਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕੀਤੀ।







