ਮੁੱਖ ਮੰਤਰੀ ਸ਼ਨਿੱਚਰਵਾਰ ਨੂੰ ਸੰਗਰੂਰ ਵਾਸੀਆਂ ਨੂੰ ਦੇਣਗੇ ਵਿਕਾਸ ਪ੍ਰਾਜੈਕਟਾਂ ਦਾ ਵੱਡਾ ਤੋਹਫਾ
ਸੰਗਰੂਰ ਵਿੱਚ ਵਿਕਾਸ ਰੈਲੀ ਦੌਰਾਨ 869 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਤੇ ਸ਼ੁਰੂਆਤ
ਦੁਪਹਿਰ ਇੱਕ ਵਜੇ ਪਿੰਡ ਚੀਮਾ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਸਿੰਘ ਮਾਨ
ਜ਼ਿਲ੍ਹਾ ਸੰਗਰੂਰ ਦੇ ਵਸਨੀਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 9 ਮਾਰਚ ਨੂੰ ਸੰਗਰੂਰ ਜ਼ਿਲ੍ਹੇ ਵਿੱਚ 869 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।
ਮੁੱਖ ਮੰਤਰੀ ਜੋ ਸੰਗਰੂਰ ਜ਼ਿਲ੍ਹੇ ਵਿੱਚ ‘ਵਿਕਾਸ ਕ੍ਰਾਂਤੀ ਰੈਲੀ’ ਕਰਨਗੇ, ਲੋਕਾਂ ਦੀ ਸਹੂਲਤ ਲਈ ਇਨ੍ਹਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ/ਉਦਘਾਟਨ ਕਰਨਗੇ। ਉਹ ਜ਼ਿਲ੍ਹੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸ਼ਨਿੱਚਰਵਾਰ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ/ਲੋਕ ਅਰਪਣ ਕਰਨਗੇ। ਭਗਵੰਤ ਸਿੰਘ ਮਾਨ ਦੇ ਯਤਨਾਂ ਦਾ ਉਦੇਸ਼ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ, ਜਿਸ ਨਾਲ ਲੋਕਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਪਿੰਡ ਚੀਮਾ ਵਿਖੇ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ। ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤੇ ਜਾਣ ਵਾਲੇ ਮੁੱਖ ਪ੍ਰਾਜੈਕਟਾਂ ਵਿੱਚ ਧੂਰੀ ਵਿਖੇ 80 ਬੈੱਡਾਂ ਵਾਲਾ ਜੱਚਾ- ਬੱਚਾ ਹਸਪਤਾਲ, ਕੌਹਰੀਆਂ ਵਿਖੇ 30 ਬੈੱਡਾਂ ਵਾਲਾ ਕਮਿਊਨਿਟੀ ਹੈਲਥ ਸੈਂਟਰ ਅਤੇ ਚੀਮਾ ਵਿਖੇ 30 ਬੈੱਡਾਂ ਵਾਲਾ ਪੇਂਡੂ ਹਸਪਤਾਲ ਸ਼ਾਮਲ ਹਨ।
ਇਹ ਪ੍ਰਾਜੈਕਟ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨਗੇ।
ਜ਼ਿਕਰਯੋਗ ਹੈ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਝਦਾਰੀ ਨਾਲ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਇੱਕ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਨਵੇਂ ਯੁੱਗ ਦਾ ਸੂਰਜ ਚੜ੍ਹਿਆ ਹੈ।