ਪੰਜਾਬ ਤੋਂ ਦਿੱਲੀ ਜਾਣ ਵਾਲੇ ਕਿਸਾਨਾਂ ਦੇ ਜਥੇ ਨੂੰ ਹਰਿਆਣਾ-ਪੰਜਾਬ ਦੀ ਸ਼ੰਭੂ ਬਾਰਡਰ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨੇ ਰੋਕ ਲਿਆ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ‘ਭਾਰਤ ਬੰਦ’ ਦਾ ਐਲਾਨ ਕੀਤਾ ਗਿਆ ਹੈ, ਜੋ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਇਸ ਬੰਦ ਦਾ ਅਸਰ ਪੰਜਾਬ ‘ਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ।
ਜਦੋਂਕਿ ਜ਼ਿਲ੍ਹਾ ਟਾਂਡਾ, ਭੋਗਪੁਰ ਵਿੱਚ ਬੱਸ ਸੇਵਾ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਹਨ। ਸਮਰਾਲਾ, ਤਪਾ ਮੰਡੀ, ਮੋਗਾ, ਅੰਮ੍ਰਿਤਸਰ, ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸਾਨਾਂ ਨੇ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾ ਕੇ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਬੰਦ ਦੌਰਾਨ ਐਂਬੂਲੈਂਸ, ਵਿਆਹ ਦੀਆਂ ਗੱਡੀਆਂ, ਇਮਤਿਹਾਨਾਂ ਲਈ ਜਾਣ ਵਾਲੇ ਵਿਦਿਆਰਥੀਆਂ ਅਤੇ ਮੈਡੀਕਲ ਦੁਕਾਨਾਂ ’ਤੇ ਕੋਈ ਅਸਰ ਨਹੀਂ ਪਵੇਗਾ।
ਦੱਸ ਦੇਈਏ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਦੇ ਨਾਲ ਕਿਸਾਨ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।