ਬਹਿਬਲ ਗੋਲੀ ਕਾਂਡ ਦੀ ਸੁਣਵਾਈ ਕਰ ਰਹੀ ਅਦਾਲਤ ਨੇ ਅੱਜ ਇੱਥੇ ਸਪੱਸ਼ਟ ਕੀਤਾ ਹੈ ਕਿ ਜਿੰਨਾ ਚਿਰ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਮੁਕੰਮਲ ਹੋ ਕੇ ਚਲਾਨ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ, ਓਨਾ ਚਿਰ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਵੀ ਅੱਗੇ ਨਹੀਂ ਤੁਰੇਗੀ।
ਜਿਕਰਯੋਗ ਹੈ ਕਿ ਬਹਿਬਲ ਗੋਲੀ ਕਾਂਡ ਦੇ ਮੁਲਜ਼ਮਾਂ ਨੇ ਚਾਰਜ-ਸ਼ੀਟ ਰੱਦ ਕਰਵਾਉਣ ਨਹੀ ਹਾਈਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਰਿੱਟ ਦਾ ਨਿਪਟਾਰਾ ਕਰਦਿਆਂ ਮੁਲਜ਼ਮਾਂ ਨੂੰ ਫਰੀਦਕੋਟ ਅਦਾਲਤ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਕਿਹਾ ਸੀ , ਫ਼ਰੀਦਕੋਟ ਦੀ ਅਦਾਲਤ ਨੇ ਆਦੇਸ਼ ਦਿੱਤੇ ਸਨ ਕਿ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਇੱਕੋ ਦਿਨ ਕੀਤੀ ਜਾਵੇ ਪਰੰਤੂ ਕੋਟਕਪੂਰਾ ਗੋਲੀ ਕਾਂਡ ਵਿੱਚ ਅਜੇ ਤੱਕ ਚਲਾਨ ਅਦਾਲਤ ਵਿੱਚ ਪੇਸ਼ ਵੀ ਨਹੀਂ ਹੋ ਸਕਿਆ।
ਜਦਕਿ ਪਿਛਲੀ ਤਰੀਕ ‘ਤੇ ਅਦਾਲਤ ਨੇ ਜਾਂਚ ਟੀਮ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜਾਂਚ ਟੀਮ ਨੇ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ।
ਇਸ ਬਾਬਤ ਪੰਜਾਬ ਸਰਕਾਰ ਨੇ ਅਦਾਲਤ ਨੂੰ ਕਿਹਾ ਸੀ ਕਿ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਕੀਤੀ ਜਾਵੇ ਪਰੰਤੂ ਅਦਾਲਤ ਨੇ ਅੱਜ ਇਸ ਮਾਮਲੇ ’ਤੇ ਸੁਣਵਾਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਮੌਕੇ ਸੁਣਵਾਈ ਦੌਰਾਨ ਡੀ.ਜੀ.ਪੀ ਸੁਮੇਧ ਸੈਣੀ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ ਜਦੋਂਕਿ ਬਾਕੀ ਸਾਰੇ ਮੁਲਜ਼ਮ ਅਦਾਲਤ ਵਿੱਚ ਹਾਜ਼ਰ ਸਨ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ:ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਅੱਗੇ ਰੱਖੀਆਂ ਮੰਗਾਂ ਬਾਰੇ ਪੜ੍ਹੋ..
ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਨਵੀਂ ਜਾਂਚ ਟੀਮ ਗਠਿਤ ਕੀਤੀ ਗਈ ਸੀ ਜਿਸ ਦੀ ਅਗਵਾਈ ਐੱਲ.ਕੇ. ਯਾਦਵ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ 2015 ਵਿਚ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਪੰਥ ਵਲੋਂ ਨਿਰੰਤਰ ਮੰਗ ਕੀਤੀ ਜਾ ਰਹੀ ਹੈ। ਇਸੇ ਮੰਗ ਦੇ ਆਧਾਰ ’ਤੇ ਹੀ ਪਿਛਲੀ ਕਾਂਗਰਸ ਸਰਕਾਰ ਸੱਤਾ ਵਿਚ ਆਈ ਸੀ ਅਤੇ ਹੁਣ ‘ਆਪ’ ਸਰਕਾਰ ਵੀ ਇਸ ਮਾਮਲੇ ਵਿਚ ਲੋਕਾਂ ਨੂੰ ਨਿਆਂ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਹੈ। ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ, ਜਿਨ੍ਹਾਂ ਇਸ ਮਾਮਲੇ ਦੀ ਜਾਂਚ ਕੀਤੀ ਸੀ, ਉਹ ਪਿਛਲੇ ਵਰ੍ਹੇ ਤੋਂ ਹੀ ਦੁਹਾਈ ਦੇ ਰਹੇ ਹਨ ਕਿ ਕੁਝ ਪ੍ਰਭਾਵਸ਼ਾਲੀ ਲੋਕ ਸੱਤਾਧਾਰੀਆਂ ਦੀ ਮਦਦ ਨਾਲ ਇਸ ਕੇਸ ਨੂੰ ਦਬਾਉਣ ਦਾ ਯਤਨ ਕਰ ਰਹੇ ਹਨ।