ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ‘ਚ ਪਰਾਲੀ ਸਾੜਨਾ ਇੱਕ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸਾਹਮਣੇ ਆਈਆਂ ਰਿਪੋਰਟਾਂ ‘ਚ ਖਾਸ ਕਰਕੇ ਪੰਜਾਬ ਦਾ ਜਿਲ੍ਹਾ ਅੰਮ੍ਰਿਤਸਰ ਪਹਿਲੇ ਨੰਬਰ ’ਤੇ ਹੈ। ਦੱਸ ਦਈਏ ਕਿ ਅੰਮ੍ਰਿਤਸਰ ‘ਚ ਪਰਾਲੀ ਸਾੜਣ ਦੀ ਘਟਨਾ ਦਾ ਇੱਕ ਵੀਡੀਓ ਭਾਜਪਾ ਨੇਤਾ ਮਨੋਜ ਤਿਵਾੜੀ ਨੇ ਵੀ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਸੀ।
ਦੱਸ ਦਈਏ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਰਾਲੀ ਸਾੜਨ ਕਾਰਨ ਦਿੱਲੀ ਦੇ ਵਾਤਾਵਰਨ ‘ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਕਾਰਨ ਸੀਐਮ ਅਰਵਿੰਦ ਕੇਜਰੀਵਾਲ ਦਾ ਕੋਈ ਬਿਆਨ ਅਜੇ ਤੱਕ ਨਹੀਂ ਆਇਆ ਪਰ ਪਿਛਲੇ ਦਿਨੀਂ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰਕੇ ਇਸ ਮੁੱਦੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਸੀ।
ਕੁਲਦੀਪ ਧਾਲੀਵਾਲ ਨੇ ਜੱਥੇਦਾਰ ਸਾਹਬ ਤੋਂ ਕੀਤੀ ਇਹ ਮੰਗ
ਪਰ ਪਰਾਲੀ ਸਾੜਣ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨਿੱਤ ਨਵੇਂ ਕਦਮ ਚੁੱਕ ਰਹੀ ਹੈ। ਜਿਸ ਕਰਕੇ ਹੁਣ ਪੰਜਾਬ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਨੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਜੱਥੇਦਾਰ ਤੋਂ ਮਦਦ ਦੀ ਮੰਗ ਕੀਤੀ ਹੈ ਕਿ ਪੰਜਾਬ ‘ਚ ਲਗਾਤਾਰ ਸੜ ਰਹੀ ਪਰਾਲੀ ਨੂੰ ਰੋਕਣ ਨੂੰ ਲੈ ਕੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕੀਤਾ ਜਾਵੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਕੌਮ ਨੂੰ ਸੰਦੇਸ਼ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਹਿਣ।
ਦੱਸ ਦਈਏ ਕਿ ਮੰਗਲਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਨੂੰ ਸੰਦੇਸ਼ ਦੇਣਗੇ। ਅਤੇ ਉਨ੍ਹਾਂ ਦੇ ਹਰ ਸੰਦੇਸ਼ ‘ਚ ਹਮੇਸ਼ਾ ਵਾਤਾਵਰਨ ਨਾਲ ਜੁੜਿਆ ਮੁੱਦਾ ਹੁੰਦਾ ਹੈ, ਚਾਹੇ ਉਹ ਪਾਣੀ ਦਾ ਪ੍ਰਦੂਸ਼ਣ ਹੋਵੇ ਜਾਂ ਹੇਠਾਂ ਜਾ ਰਿਹਾ ਪਾਣੀ ਦਾ ਪੱਧਰ।
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੋਈ ਵੀ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੰਦੇਸ਼ ਤੋਂ ਗੁਰੇਜ਼ ਨਹੀਂ ਕਰਦਾ। ਇਹੀ ਕਾਰਨ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਕੋਲ ਪਹੁੰਚੇ।