ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕਰਨ ਲਈ ਬੁਲਾਏ ਗਏ ਵਿਸ਼ੇਸ਼ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਹੰਗਾਮਾ ਕਰਨ ਲਈ ਕਾਂਗਰਸ ਪਾਰਟੀ ‘ਤੇ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਸਪੱਸ਼ਟ ਤੌਰ ‘ਤੇ ‘ਭਾਜਪਾ ਦੀ ਬੀ-ਟੀਮ’ ਵਜੋਂ ਕੰਮ ਕਰ ਰਹੀ ਹੈ ਅਤੇ ਲੋਕਤੰਤਰ ਦੀ ਹੱਤਿਆ ‘ਚ ਕੋਈ ਕਸਰ ਨਹੀਂ ਛੱਡ ਰਹੀ।
ਮੰਗਲਵਾਰ ਨੂੰ ਕੈਬਨਿਟ ਮੰਤਰੀਆਂ ਇੰਦਰਬੀਰ ਸਿੰਘ ਨਿੱਝਰ ਅਤੇ ਹਰਭਜਨ ਸਿੰਘ ਈ.ਟੀ.ਓ. ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਕੋਲ ‘ਆਪ’ ਸਰਕਾਰ ਵਿਰੁੱਧ ਕੋਈ ਮੁੱਦਾ ਹੈ ਅਤੇ ਇਸੇ ਕਰਕੇ ਉਨ੍ਹਾਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ‘ਚ ਵੀ ਹੰਗਾਮਾ ਕਰਕੇ ਵਿਘਨ ਪਾਇਆ। ਜਦੋਂ ਕਿ ਮਾਨ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਖੁੱਲ੍ਹਾ ਸਮਾਂ ਦਿੱਤਾ ਸੀ।
ਉਨ੍ਹਾਂ ਕਿਹਾ ਕਿ ‘ਆਪਰੇਸ਼ਨ ਲੋਟਸ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ‘ਆਪ’ ਨੇ ਫੇਲ੍ਹ ਕਰ ਦਿੱਤਾ ਹੈ। ਪਰ ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਨੂੰ ਡੇਗਣ ਲਈ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ, ਜੋ ਕਿ ਮੰਦਭਾਗਾ ਅਤੇ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਦੀ ਬਿਜ਼ਨਸ ਐਡਵਾਇਸਰੀ ਕਮੇਟੀ (ਬੀਏਸੀ) ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੋਮਵਾਰ ਨੂੰ ਜ਼ੀਰੋ ਆਵਰ ਹੋਵੇਗਾ ਜਿਸ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣੀ ਸਹਿਮਤੀ ਦਿੱਤੀ ਸੀ। ਪਰ ਬਾਅਦ ਵਿੱਚ ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਨੇ ਸੈਸ਼ਨ ਵਿੱਚ ਵਿਰੋਧ ਕੀਤਾ।
ਪਿਛਲੇ ਸਮੇਂ ਵਿੱਚ ਕਈ ਆਗੂ ਵਿਧਾਨ ਸਭਾ ਵਿੱਚ ਇਹ ਮੰਗ ਉਠਾਉਂਦੇ ਰਹੇ ਹਨ ਕਿ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਪਰ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੈਸ਼ਨ ਬੁਲਾ ਰਹੀ ਹੈ ਤਾਂ ਕਾਂਗਰਸ ਪਾਰਟੀ ਚਰਚਾ ਤੋਂ ਭੱਜ ਕਿਉਂ ਰਹੀ ਹੈ।
ਚੀਮਾ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਕਾਂਗਰਸ ਨੇ ਵੀ ਇਸ ਵਿਸ਼ੇਸ਼ ਸੈਸ਼ਨ ਦਾ ਵਿਰੋਧ ਕੀਤਾ। ਭਾਵੇਂ ਕਿ ਕਾਂਗਰਸ ਪਾਰਟੀ ਆਪ ਵੀ ਗੋਆ ਸਮੇਤ ਕਈ ਰਾਜਾਂ ਵਿੱਚ ਅਪਰੇਸ਼ਨ ਲੋਟਸ ਦਾ ਸ਼ਿਕਾਰ ਹੋਈ ਚੁੱਕੀ ਹੈ। ਇਸ ਨਾਲ ਕਾਂਗਰਸ ਦੇ ਨਾਪਾਕ ਏਜੰਡੇ ਦਾ ਪਰਦਾਫਾਸ਼ ਹੋ ਗਿਆ ਹੈ ਕਿ ਉਹ ਵੀ ਭਾਜਪਾ ਨਾਲ ਮਿਲ ਕੇ ‘ਆਪ’ ਸਰਕਾਰ ਨੂੰ ਡੇਗਣ ‘ਤੇ ਤੁਲੀ ਹੋਈ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਬਹਿਸ ਤੋਂ ਭੱਜ ਰਹੀ ਹੈ।
ਇਸ ਤੋਂ ਪਹਿਲਾਂ ਭਾਜਪਾ ਨੇ ਰਾਜਪਾਲ ਦਫ਼ਤਰ ਰਾਹੀਂ ਪੰਜਾਬ ਵਿੱਚ ‘ਆਪ’ ਸਰਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਇਹ ਅਸਫਲ ਹੋ ਗਈ, ਤਾਂ ਭਾਜਪਾ ਦੀ ਤਰਫ਼ੋਂ ਕਾਂਗਰਸ ਨੇ ਇਹ ਜ਼ਿੰਮੇਵਾਰੀ ਲੈ ਲਈ ਅਤੇ ਸਰਕਾਰ ਨੂੰ ਕੰਮ ਕਰਨ ਤੋਂ ਰੋਕ ਰਹੇ ਹਨ। ਚੀਮਾ ਨੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੋਵਾਂ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਪਾਰਟੀ ਦੀ ਵਧ ਰਹੀ ਲੋਕਪ੍ਰਿਅਤਾ ਤੋਂ ਭਾਜਪਾ ਡਰ ਗਈ ਹੈ।
ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਸੰਸਦ ‘ਚ ਲੋਕਤੰਤਰ ਦੀ ਰਾਖੀ ਕਰਨ ‘ਚ ਨਾਕਾਮ ਰਹੀ ਹੈ ਅਤੇ ਹੁਣ ਪੰਜਾਬ ‘ਚ ਵੀ ਅਜਿਹਾ ਹੀ ਕਰ ਰਹੀ ਹੈ। ਕਾਂਗਰਸੀ ਵਿਧਾਇਕ ਭਾਜਪਾ ਵਿਚ ਸ਼ਾਮਲ ਹੋਣ ਲਈ ਬੇਤਾਬ ਹਨ, ਜਦਕਿ ‘ਆਪ’ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸਿਪਾਹੀ ਦੋਗਲੇ ਏਜੰਟਾਂ ਨੂੰ ਉਹਨਾਂ ਦੀ ਘਟੀਆ ਸਿਆਸਤ ਨੂੰ ਕਦੀ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਉਹ ਆਪਣੇ ਆਖਰੀ ਸਾਹ ਤੱਕ ਡਾ. ਬੀ. ਆਰ. ਅੰਬੇਡਕਰ ਦੇ ਸੰਵਿਧਾਨ ਦੀ ਰਾਖੀ ਕਰਨਗੇ।