ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨਾਲ ਸੰਬੰਧਿਤ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ਼ਨੀਵਾਰ ਸ਼ਾਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੁਆਰਾ ਬਠਿੰਡਾ ਹਾਈ ਸਿਕਿਓਰਿਟੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਵੱਡੇ ਨਸ਼ਾ ਤਸਕਰਾਂ ਨੂੰ ਅਸਾਮ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ, ਜੱਗੂ ਨੂੰ ਪਹਿਲਾਂ ਬਠਿੰਡਾ ਤੋਂ ਚੰਡੀਗੜ੍ਹ ਲਿਆਂਦਾ ਗਿਆ ਸੀ। ਚੰਡੀਗੜ੍ਹ ਨੂੰ ਅੱਗੇ ਟ੍ਰਾਂਸਫਰ ਹਵਾਈ ਰਾਹੀਂ ਕੀਤਾ ਜਾਂਦਾ ਹੈ।
ਜੱਗੂ ਭਗਵਾਨਪੁਰੀਆ ਵਿਰੁੱਧ 128 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ NDPS ਐਕਟ ਅਧੀਨ 13 ਮਾਮਲੇ ਸ਼ਾਮਲ ਹਨ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ, ਇਹ NDPS ਮਾਮਲੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਪੂਰੀ ਕਾਰਵਾਈ ਹੈ, ਜਿਸ ਦੇ ਤਹਿਤ ਜੱਗੂ ਨੂੰ ਦੇਰ ਰਾਤ ਅਸਾਮ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।