ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥਾਂ ਦੀ ਦੇਖਭਾਲ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਪਾਂਸਰਸ਼ਿਪ ਸਕੀਮ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ, ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ ਪ੍ਰਤੀ ਬੱਚਾ ਪ੍ਰਤੀ ਮਹੀਨਾ 4000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਹ ਰਕਮ ਉਨ੍ਹਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਪਰਿਵਾਰ ਵਿੱਤੀ ਮੁਸ਼ਕਲਾਂ ਕਾਰਨ ਉਨ੍ਹਾਂ ਦੀ ਦੇਖਭਾਲ ਨਹੀਂ ਕਰ ਸਕਦੇ ਜਾਂ ਉਨ੍ਹਾਂ ਅਨਾਥ ਬੱਚਿਆਂ ਲਈ ਹੈ ਜੋ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਹਾਇਤਾ 18 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਅਤੇ ਹੁਣ ਤੱਕ ਕੁੱਲ 5475 ਬੱਚੇ ਇਸ ਯੋਜਨਾ ਦਾ ਲਾਭ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਇਹ ਸਰਕਾਰ ਦਾ ਬੱਚਿਆਂ ਨੂੰ ਉੱਜਵਲ ਭਵਿੱਖ ਦੇਣ ਦਾ ਯਤਨ ਹੈ। ਇਸ ਨਾਲ ਬੱਚੇ ਨਾ ਸਿਰਫ਼ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ, ਸਗੋਂ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਦੇ ਹਨ।
ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਬੱਚਾ ਸਿੱਖਿਆ ਪ੍ਰਾਪਤ ਕਰਕੇ ਆਤਮ ਨਿਰਭਰ ਬਣੇ ਅਤੇ ਇੱਕ ਚੰਗਾ ਨਾਗਰਿਕ ਬਣ ਕੇ ਸਮਾਜ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਵੇ। ਇਸੇ ਲਈ ਸਰਕਾਰ ਉਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਜੋ ਸਮਾਜ ਦੀ ਮੁੱਖ ਧਾਰਾ ਤੋਂ ਪਿੱਛੇ ਰਹਿ ਗਏ ਹਨ।