Government Bus in Punjab: ਪੰਜਾਬ ‘ਚ ਪੈਟਰੋਲ ਡੀਜ਼ਲ ਅਤੇ ਆਟੇ ਤੋਂ ਬਾਅਦ ਇੱਕ ਹੋਰ ਮਹਿੰਗਾਈ ਦਾ ਝਟਕਾ ਲੱਗ ਸਕਦਾ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਹੋਈ ਕੈਬਿਨਟ ਮੀਟਿੰਗ ‘ਚ ਪੰਜਾਬ ਸਰਕਾਰ ਨੇ ਤੇਲ ‘ਤੇ 90 ਪੈਸੇ ਸੈਸ ਦਾ ਵਾਧਾ ਕੀਤਾ ਸੀ। ਹੁਣ ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨਾ ਮਹਿੰਗਾ ਹੋ ਸਕਦਾ ਹੈ।
ਦੱਸ ਦਈਏ ਕਿ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਨੇ ਬੱਸ ਕਿਰਾਏ ‘ਚ 10 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਨਿਗਮ ਵੱਲੋਂ ਇਸ ਸਬੰਧੀ ਪ੍ਰਸਤਾਵ ਜਲਦੀ ਹੀ ਪੰਜਾਬ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ। ਹਰੀ ਝੰਡੀ ਮਿਲਦੇ ਹੀ ਵਧਿਆ ਹੋਇਆ ਕਿਰਾਇਆ ਲਾਗੂ ਕਰ ਦਿੱਤਾ ਜਾਵੇਗਾ।
ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਜੁਲਾਈ 2020 ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਬੱਸਾਂ ਦੇ ਕਿਰਾਏ ਵਿੱਚ ਛੇ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਸੀ। ਉਸ ਸਮੇਂ ਡੀਜ਼ਲ ਦਾ ਰੇਟ 70 ਰੁਪਏ ਪ੍ਰਤੀ ਲੀਟਰ ਸੀ, ਜਦੋਂ ਕਿ ਹੁਣ ਡੀਜ਼ਲ ਦਾ ਰੇਟ 90 ਰੁਪਏ ਨੂੰ ਛੂਹ ਰਿਹਾ ਹੈ। ਫਿਲਹਾਲ ਬੱਸ ਦਾ ਕਿਰਾਇਆ 1.22 ਰੁਪਏ ਪ੍ਰਤੀ ਕਿਲੋਮੀਟਰ ਹੈ। ਪੀਆਰਟੀਸੀ ਸਰਕਾਰ ਨੂੰ ਪ੍ਰਸਤਾਵ ਭੇਜ ਕੇ ਕਿਰਾਇਆ 10 ਪੈਸੇ ਪ੍ਰਤੀ ਕਿਲੋਮੀਟਰ ਵਧਾ ਕੇ 1.32 ਰੁਪਏ ਕਰਨ ਦੀ ਮੰਗ ਕਰੇਗੀ।
ਪੀਆਰਟੀਸੀ ਦੇ ਜਨਰਲ ਮੈਨੇਜਰ (ਅਪਰੇਸ਼ਨ) ਸੁਰਿੰਦਰ ਸਿੰਘ ਨੇ ਦੱਸਿਆ ਕਿ ਡੀਜ਼ਲ ਦੇ ਰੇਟ ਵਧਣ ਨਾਲ ਨਿਗਮ ’ਤੇ ਵਿੱਤੀ ਬੋਝ ਵਧ ਗਿਆ ਹੈ। ਅਜਿਹੇ ‘ਚ ਬੱਸ ਦਾ ਕਿਰਾਇਆ ਵਧਾਉਣ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾ ਰਿਹਾ ਹੈ। ਉਮੀਦ ਹੈ ਕਿ ਸਰਕਾਰ ਇਸ ਨੂੰ ਮਨਜ਼ੂਰੀ ਦੇਵੇਗੀ।
ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਡੀਜ਼ਲ ਦੇ ਰੇਟ ਵਿੱਚ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਡੀਜ਼ਲ ਦੀ ਕੀਮਤ 88.34 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਨਾਲ ਪੀਆਰਟੀਸੀ ’ਤੇ ਵਿੱਤੀ ਬੋਝ ਵਧ ਗਿਆ ਹੈ। ਪ੍ਰਾਪਤ ਅੰਕੜਿਆਂ ਮੁਤਾਬਕ ਇਸ ਸਮੇਂ ਪੀਆਰਟੀਸੀ ਦੇ ਫਲੀਟ ਵਿੱਚ 1238 ਬੱਸਾਂ ਹਨ, ਜਿਨ੍ਹਾਂ ਨੂੰ ਰੂਟਾਂ ’ਤੇ ਚਲਾਉਣ ਲਈ ਰੋਜ਼ਾਨਾ ਡੀਜ਼ਲ ਦਾ ਖਰਚਾ ਕਰੀਬ 86 ਲੱਖ ਰੁਪਏ ਆਉਂਦਾ ਹੈ।
ਵੱਡੇ ਆਰਥਿਕ ਸੰਕਟ ‘ਚ PRTC, ਸਰਕਾਰ ‘ਤੇ 350 ਕਰੋੜ ਬਕਾਇਆ
ਪੀਆਰਟੀਸੀ ਦੇ 350 ਕਰੋੜ ਰੁਪਏ ਪੰਜਾਬ ਸਰਕਾਰ ਵੱਲ ਬਕਾਇਆ ਹਨ। ਇਸ ਚੋਂ 250 ਕਰੋੜ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਲਈ ਹਨ। ਇਸ ਸਹੂਲਤ ਦੇ ਬਦਲੇ ਨਿਗਮ ਨੂੰ ਜੁਲਾਈ 2022 ਤੋਂ ਸਰਕਾਰ ਤੋਂ ਕੋਈ ਅਦਾਇਗੀ ਨਹੀਂ ਮਿਲ ਰਹੀ। ਜਦਕਿ ਪੀਆਰਟੀਸੀ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਔਰਤਾਂ ਦੀ ਗਿਣਤੀ ਹਰ ਮਹੀਨੇ ਲਗਾਤਾਰ ਵੱਧ ਰਹੀ ਹੈ। ਇਸ ਪੈਸੇ ਦੀ ਅਦਾਇਗੀ ਨਾ ਹੋਣ ਕਾਰਨ ਨਿਗਮ ਲਈ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹ ਅਤੇ ਪੈਨਸ਼ਨ ਦੇਣਾ ਔਖਾ ਹੋ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h