Chandigarh/Amritsar: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ 13 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਤੁਰੰਤ ਬਾਅਦ, ਪੰਜਾਬ ਪੁਲਿਸ ਨੇ ਪਿਛਲੇ ਤਿੰਨ ਦਿਨਾਂ ਵਿੱਚ ਕਾਬੂ ਕੀਤੇ ਨਸ਼ਾ ਤਸਕਰਾਂ ਦੇ ਖੁਲਾਸੇ ’ਤੇ ਪ੍ਰਭਾਵਸ਼ਾਲੀ ਬਰਾਮਦਗੀ ਕਰਦਿਆਂ 10 ਏ.ਕੇ.-47 ਅਸਾਲਟ ਰਾਈਫਲਾਂ ਅਤੇ ਦਸ .30 ਬੋਰ ਦੇ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।
ਦੱਸ ਦਈਏ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ 21 ਨਵੰਬਰ ਨੂੰ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਰਾਜਸਥਾਨ ਦੇ ਦੋ ਨਸ਼ਾ ਤਸਕਰ ਸੁਖਵੀਰ ਸਿੰਘ ਅਤੇ ਬਿੰਦੂ ਸਿੰਘ ਨੂੰ 13 ਕਿਲੋ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਇਨ੍ਹਾਂ ਦੇ ਦੋ ਹੋਰ ਸਾਥੀਆਂ, ਜਿਨ੍ਹਾਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਬਲਕਾਰ ਸਿੰਘ ਉਰਫ਼ ਲਵਪ੍ਰੀਤ ਸਿੰਘ, ਦੋਵੇਂ ਵਾਸੀ ਫਿਰੋਜ਼ਪੁਰ, ਗੁਰੂਹਰਸਹਾਏ, ਵਜੋਂ ਹੋਈ ਹੈ, ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ, ਜਿੱਥੇ ਉਹ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ, ਤੋਂ ਗ੍ਰਿਫਤਾਰ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਖੁਲਾਸਿਆਂ ’ਤੇ ਸੀਆਈ ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਨੇ ਬੁੱਧਵਾਰ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 5 ਏ.ਕੇ.-47 ਰਾਈਫਲਾਂ ਅਤੇ .30 ਬੋਰ ਦੀਆਂ 5 ਵਿਦੇਸ਼ੀ ਪਿਸਤੌਲਾਂ ਸਮੇਤ 9 ਮੈਗਜ਼ੀਨਾਂ ਬਰਾਮਦ ਕੀਤੇ ਹਨ, ਜੋ ਕਿ ਫਿਰੋਜ਼ਪੁਰ ਵਿੱਚ ਫਾਰਵਰਡ ਪੋਸਟ ਤੀਰਥ ਦੇ ਖੇਤਰ ਵਿੱਚ ਪਿੱਲਰ ਦੇ ਨੇੜੇ ਛੁਪਾਏ ਹੋਏ ਸਨ।
ਸੀਆਈ ਅੰਮ੍ਰਿਤਸਰ ਤੋਂ ਮਿਲੇ ਖਾਸ ਸੁਰਾਗ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਬੀਐਸਐਫ ਨੇ ਸ਼ੁੱਕਰਵਾਰ ਦੇਰ ਸ਼ਾਮ ਫਿਰੋਜ਼ਪੁਰ ਦੇ ਬਾਰਡਰ ਚੌਕੀ ਜਗਦੀਸ਼ ਦੇ ਖੇਤਰ ਵਿੱਚ ਛੁਪਾਏ ਹੋਏ 19 ਮੈਗਜ਼ੀਨਾਂ ਦੇ ਨਾਲ ਪੰਜ ਏਕੇ-47 ਰਾਈਫਲਾਂ ਅਤੇ ਪੰਜ ਵਿਦੇਸ਼ੀ ਬਣੀਆਂ .30 ਬੋਰ ਦੀਆਂ ਪਿਸਤੌਲਾਂ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਸਲਾ ਐਕਟ ਦੀ ਧਾਰਾ 25 ਅਤੇ ਵਿਦੇਸ਼ੀ ਐਕਟ ਦੀ ਧਾਰਾ 14 ਐਫ ਤਹਿਤ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਇਸ ਸਬੰਧੀ ਇੱਕ ਵੱਖਰਾ ਕੇਸ ਐਫਆਈਆਰ ਨੰਬਰ 35 ਅਧੀਨ ਦਰਜ ਕੀਤਾ ਗਿਆ ਹੈ।
ਏਆਈਜੀ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਆਪਣੇ ਪਾਕਿਸਤਾਨੀ ਸਾਥੀਆਂ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਪਹੁੰਚਾਉਣ ਲਈ ਤਸਕਰੀ ਕਰਦੇ ਸੀ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਸਰਕਾਰੀ ITI ਸੁਨਾਮ ਊਧਮ ਸਿੰਘ ਵਾਲਾ ਦੇ ਨਵੀਨੀਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ: ਅਮਨ ਅਰੋੜਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h