Harbhajan Singh ETO: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੰਗਲਵਾਰ ਨੂੰ ਸਥਾਨਕ ਸ਼ਕਤੀ ਸਦਨ ਵਿਖੇ ਅਚਨਚੇਤ ਪਹੁੰਚਕੇ ਪਾਵਰਕਾਮ ਦੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਸਪਲਾਈ ਨੂੰ ਨਿਰਵਿਘਨ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕ ਸ਼ਿਕਾਇਤਾਂ ਦਾ ਵੀ ਤੁਰੰਤ ਨਿਬੇੜਾ ਯਕੀਨੀ ਬਣਾਇਆ ਜਾਵੇ।
ਦੁਪਹਿਰ ਬਾਅਦ ਪਾਵਰਕਾਮ ਦੇ ਉਤੱਰੀ ਜ਼ੋਨ ਦੇ ਮੁੱਖ ਦਫ਼ਤਰ ਸ਼ਕਤੀ ਸਦਨ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਇਕ ਰਮਨ ਅਰੋੜਾ ਅਤੇ ਮੁੱਖ ਇੰਜੀਨੀਅਰ ਰਮੇਸ਼ ਲਾਲ ਸਾਰੰਗਲ ਤੇ ਹੋਰਨਾਂ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਅਤੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਪਾਵਰਕਾਮ ਦੇ ਦਫ਼ਤਰਾਂ ਵਿੱਚ ਸਾਰਾ ਅਮਲਾ ਡਿਊਟੀ ਦੌਰਾਨ ਲੋੜੀਂਦੀਆਂ ਸੇਵਾਵਾਂ ਹੋਰ ਵੀ ਸੁਚੱਜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਏ।
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਆਪਣੇ ਰੋਜਮਰਾ ਦੇ ਕੰਮ-ਕਾਜ ਕਰਵਾਉਣ ਲਈ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਿਜਲੀ ਦਫ਼ਤਰਾਂ ਵਿੱਚ ਲੋਕ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਅਤੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਖ਼ਪਤਕਾਰ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਮੁੱਖ ਇੰਜੀਨੀਅਰ ਰਮੇਸ਼ ਲਾਲ ਸਾਰੰਗਲ ਨੇ ਬਿਜਲੀ ਮੰਤਰੀ ਨੂੰ ਸ਼ਕਤੀ ਸਦਨ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ। ਸ਼ਕਤੀ ਸਦਨ ਵਿਖੇ ਬਿਜਲੀ ਮੰਤਰੀ ਨੇ ਮੁੱਖ ਇੰਜੀਨੀਅਰ (ਸੰਚਾਲਨ), ਡਿਪਟੀ ਮੁੱਖ ਇੰਜੀਨੀਅਰ (ਓਪਰੇਸ਼ਨ), ਡਿਪਟੀ ਚੀਫ਼ ਇੰਜੀਨੀਅਰ ਪੀ.ਐਂਡ ਐਮ, ਡਿਪਟੀ ਚੀਫ਼ ਇੰਜੀਨੀਅਰ ਟਾਵਰ ਲਾਈਨ, ਡਿਪਟੀ ਚੀਫ਼ ਇੰਜੀਨੀਅਰ ਪੀ.ਐਸ.ਟੀ.ਸੀ.ਐਲ. ਆਦਿ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਡਿਪਟੀ ਚੀਫ਼ ਇੰਜੀਨੀਅਰ ਇੰਦਰਪਾਲ ਸਿੰਘ ਅਤੇ ਡਿਪਟੀ ਚੀਫ਼ ਇੰਜੀਨੀਅਰ (ਹੈਡਕੁਆਰਟਰ) ਬਲਵਿੰਦਰ ਪਾਲ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h