ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐੱਨ. ਜੈੱਡ. ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵਲੋਂ ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ, ਜਦੋਂ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ ‘ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ ‘ਤੇ ਜ਼ੋਰ ਦਿੱਤਾ।