ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਥਾਣਾ ਡਿਡਬਾ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਤਰਸੇਮ ਲਾਲ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏਐਸਆਈ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਏਐਸਆਈ ਤਰਸੇਮ ਲਾਲ ਨੇ ਕਿਸੇ ਹੋਰ ਮਾਮਲੇ ਵਿੱਚ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਨਾ ਕਰਨ ਦੇ ਬਦਲੇ 30,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਰਿਸ਼ਵਤ ਸੰਬੰਧੀ ਗੱਲਬਾਤ ਰਿਕਾਰਡ ਕੀਤੀ ਗਈ। ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਏਐਸਆਈ ਤਰਸੇਮ ਲਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਪਟਿਆਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।







