Weather Update: ਪਿਛਲੇ ਕੁਝ ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ। ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਕਈ ਸੂਬਿਆਂ ਵਿਚ ਮੀਂਹ ਕਾਰਨ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਕਿਹਾ ਕਿ ਧੁੰਦ ਅਤੇ ਧੂੰਏਂ ਦਾ ਪ੍ਰਭਾਵ ਜਾਰੀ ਰਹੇਗਾ। ਰਾਜਸਥਾਨ, ਪੰਜਾਬ, ਦਿੱਲੀ ਤੋਂ ਲੈ ਕੇ ਉੱਤਰ ਪ੍ਰਦੇਸ਼, ਬਿਹਾਰ ਤੱਕ ਰਾਤ ਅਤੇ ਸਵੇਰ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਤੇ ਆਲੇ-ਦੁਆਲੇ ਦੇ ਹੋਰ ਇਲਾਕਿਆਂ ਵਿੱਚ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਦੇ ਅੰਦਰੂਨੀ ਹਿੱਸਿਆਂ ‘ਚ ਬਾਰਿਸ਼ (heavy rain alert) ਅਜੇ ਵੀ ਜਾਰੀ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਦੇ ਪੰਜਾਬ, ਹਰਿਆਣਾ, ਪੱਛਮੀ ਰਾਜਸਥਾਨ, ਚੰਡੀਗੜ੍ਹ, ਦਿੱਲੀ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਬਿਹਾਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਤਰਾਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਰਹੀ ਹੈ। ਜਦੋਂ ਕਿ ਅੰਮ੍ਰਿਤਸਰ, ਪਟਿਆਲਾ, ਹਿਸਾਰ ਅਤੇ ਊਧਮਪੁਰ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਮੀਟਰ ਦਰਜ ਕੀਤੀ ਗਈ। ਦਿੱਲੀ ਦੇ ਸਫਦਰਜੰਗ, ਪਾਲਮ ਅਤੇ ਹੋਰ ਥਾਵਾਂ ‘ਤੇ ਵਿਜ਼ੀਬਿਲਟੀ 200 ਤੋਂ 300 ਮੀਟਰ ਤੱਕ ਡਿੱਗ ਗਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 2-3 ਦਿਨਾਂ ‘ਚ ਸੰਘਣੀ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਪੱਛਮ ਤੋਂ ਆ ਰਹੀਆਂ ਹਵਾਵਾਂ ਦੀ ਰਫ਼ਤਾਰ ਰੁਕ ਗਈ ਹੈ। ਦਿੱਲੀ ਵਿੱਚ ਪ੍ਰਦੂਸ਼ਣ ਦਾ ਕਹਿਰ ਜਾਰੀ ਹੈ। ਹਾਲਾਂਕਿ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 28 ਤੋਂ 30 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 12 ਤੋਂ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਮੇਘਾਲਿਆ, ਉਪ-ਹਿਮਾਲਿਆ ਪੱਛਮੀ ਬੰਗਾਲ, ਸਿੱਕਮ, ਝਾਰਖੰਡ, ਦਿੱਲੀ, ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦਿੱਲੀ ‘ਚ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੂਰੇ ਉੱਤਰੀ ਭਾਰਤ ਵਿੱਚ ਧੁੰਦ ਜਾਰੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਦਿੱਲੀ, ਪੂਰਬੀ ਉੱਤਰ ਪ੍ਰਦੇਸ਼ ਅਤੇ ਉੱਤਰੀ ਬਿਹਾਰ ਵਿੱਚ ਸਵੇਰ ਅਤੇ ਦੇਰ ਰਾਤ ਧੁੰਦ ਪੈਣ ਦੀ ਸੰਭਾਵਨਾ ਹੈ।ਪੱਛਮੀ ਰਾਜਸਥਾਨ, ਬਿਹਾਰ ਅਤੇ ਪੱਛਮੀ ਪੰਜਾਬ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। IMD ਨੇ ਧੁੰਦ ਦਾ ਓਂਰਜ ਅਲਰਟ ਜਾਰੀ ਕੀਤਾ ਹੈ। ਨਾਲ ਹੀ, ਮੌਸਮ ਵਿਭਾਗ ਨੇ ਪੂਰਬੀ ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਲਈ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਹੈ।