IMD Weather Update: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਵੱਡੀ ਗਿਣਤੀ ਹਿੱਸਿਆਂ ਵਿਚ ਅੱਜ ਦਿਨ ਚੜ੍ਹਦੇ ਹੀ ਬਾਰਸ਼ ਸ਼ੁਰੂ ਹੋ ਗਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ ਦਿਨੀਂ ਜਾਰੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਕੁਝ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਵਿੱਚ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਮੌਸਮ ਬਹੁਤ ਤੇਜ਼ੀ ਨਾਲ ਬਦਲ ਸਕਦਾ ਹੈ। ਇਸ ਦੌਰਾਨ ਮੀਂਹ ਦੇ ਨਾਲ-ਨਾਲ ਤੂਫਾਨ ਅਤੇ ਗੜੇ ਵੀ ਪੈ ਸਕਦੇ ਹਨ।
ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਦੇ ਹੁਸ਼ਿਆਰਪੁਰ, ਅਬੋਹਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਖ਼ਰਾਬ ਮੌਸਮ ਦੇ ਨਾਲ ਕਾਫੀ ਪ੍ਰਭਾਵਿਤ ਹੋ ਸਕਦੇ ਹਨ। ਜਦ ਕਿ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਫਤਿਹਾਬਾਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਖ਼ਰਾਬ ਮੌਸਮ ਦੇ ਨਾਲ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ 14 ਅਪ੍ਰੈਲ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ। ਦਿੱਲੀ ਦੇ ਮੌਸਮ ਵਿਭਾਗ ਮੁਤਾਬਕ 14 ਤੋਂ 15 ਅਪ੍ਰੈਲ ਦਰਮਿਆਨ ਮੌਸਮ ਬਦਲ ਸਕਦਾ ਹੈ। IMD ਨੇ ਦਿੱਲੀ ‘ਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਪੱਛਮੀ ਗੜਬੜੀ ਕਾਰਨ ਉੱਤਰੀ-ਪੱਛਮੀ ਭਾਰਤ ਦੇ ਮੌਸਮ ਦੇ ਪੈਟਰਨ ਲਗਾਤਾਰ ਬਦਲ ਰਹੇ ਹਨ। ਇਸ ਕਾਰਨ 14 ਤੋਂ 15 ਅਪ੍ਰੈਲ ਦਰਮਿਆਨ ਮੀਂਹ ਅਤੇ ਹਨੇਰੀ ਚੱਲੇਗੀ। ਇਸ ਦੇ ਨਾਲ ਗੜੇ ਵੀ ਪੈਣਗੇ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ 14 ਤੋਂ 15 ਅਪ੍ਰੈਲ ਦਰਮਿਆਨ ਮੀਂਹ ਅਤੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਅਤੇ ਤੂਫ਼ਾਨ ਦਾ ਅਲਰਟ ਹੈ। ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।