SGPC ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਉਣ ਲਈ ਕਿਹਾ ਗਿਆ। ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਇਤਰਾਜ਼ਯੋਗ ਢੰਗ ਨਾਲ ਦਿਖਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ। ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ।