ਜਲੰਧਰ ਤੋਂ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਕਪੂਰਥਲਾ-ਜਲੰਧਰ ਰੋਡ ‘ਤੇ ਸਥਿਤ ਰਾਗਨੀ ਹਸਪਤਾਲ ਵਿਖੇ ਇਕ ਔਰਤ ਦੇ ਪਿੱਤੇ ਦਾ ਆਪ੍ਰੇਸ਼ਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਔਰਤ ਦੀ ਆਪ੍ਰੇਸ਼ਨ ਉਪਰੰਤ ਹਾਲਤ ਵਿਗੜਨ ਕਾਰਨ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਸੀ।
ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਗਨੀ ਹਸਪਤਾਲ ਦੇ ਡਾਕਟਰ ‘ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਦੱਸ ਦੇਈਏ ਕਿ ਮਿ੍ਤਕ ਔਰਤ ਰਿੱਤੂ ਸੂਦ ਦੇ ਪਤੀ ਤਰੁਣਪ੍ਰੀਤ ਸਿੰਘ ਵਾਸੀ ਜਲੋਖਾਨਾ ਨੇ ਦੱਸਿਆ ਕਿ ਉਸ ਦੀ ਪਤਨੀ ਇਕ ਨਿੱਜੀ ਸਕੂਲ ਵਿਚ ਅਧਿਆਪਕਾ ਸੀ ਅਤੇ ਪਿੱਤੇ ਦੀ ਪੱਥਰੀ ਤੋਂ ਕਾਫ਼ੀ ਸਮੇਂ ਤੋਂ ਪੀੜਤ ਸੀ।
ਇਸ ਲਈ ਉਸ ਨੂੰ ਰਾਗਨੀ ਹਸਪਤਾਲ ਵਿਚ ਆਪ੍ਰੇਸ਼ਨ ਕਰਵਾਉਣ ਲਈ 7 ਮਾਰਚ ਨੂੰ ਦਾਖਲ ਕਰਵਾਇਆ ਅਤੇ ਆਪ੍ਰੇਸ਼ਨ ਤੋਂ ਬਾਅਦ ਉਸ ਦੀ ਹਾਲਤ ਵਿਗੜਨ ‘ਤੇ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ।
ਜਿੱਥੇ ਇਲਾਜ ਦੌਰਾਨ ਅੱਜ ਉਸ ਦੀ ਮੌਤ ਹੋ ਗਈ | ਜਿਸ ਦੇ ਰੋਸ ਵਜੋਂ ਮਿ੍ਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਰਾਗਨੀ ਹਸਪਤਾਲ ਕਪੂਰਥਲਾ ਮੂਹਰੇ ਰੋਸ ਧਰਨਾ ਦੇ ਕੇ ਹਸਪਤਾਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਬੰਧਿਤ ਡਾਕਟਰਾਂ ਅਤੇ ਹਸਪਤਾਲ ਪ੍ਰਸ਼ਾਸਨ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਨੂੰ ਸੂਚਨਾ ਮਿਲਣ ‘ਤੇ ਉਹ ਮੌਕੇ ‘ਤੇ ਪਹੁੰਚੇ |
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਬੋਰਡ ਬਣਾਇਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ |