Attack on Farmers: ਬੀਤੀ 9 ਅਕਤੂਬਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਦੇ ਘਰ ਦੇ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ ਚੱਲ ਰਿਹਾ ਹੈ। ਇਸੇ ਧਰਨੇ ਤੋਂ ਘਰਾਂ ਨੂੰ ਪਰਤ ਰਹੇ ਟਰੈਕਟਰ ਟਰਾਲੀ ‘ਚ ਮੌਜੂਦ ਕਿਸਾਨਾਂ ‘ਤੇ ਨੌਜਵਾਨ (Attack on Farmers) ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੱਸ ਦਈਏ ਕਿ ਕਿਸਾਨਾਂ ਮੁਤਾਬਕ ਨੌਜਵਾਨ ਨੇ ਆਪਣੇ ਦੰਦਾਂ ਨਾਲ ਇੱਕ ਕਿਸਾਨ ਦੀ ਗੱਲ੍ਹ ਵੱਢ ਲਈ ਅਤੇ 5 ਇੰਚ ਡੂੰਘਾ ਜ਼ਖ਼ਮ ਕਰ ਦਿੱਤਾ।
ਇਨ੍ਹਾਂ ਹੀ ਨਹੀਂ ਹਮਲਾਵਰ ਵਲੋਂ ਟਰਾਲੀ ‘ਚ ਬੈਠੇ ਹੋਰ ਕਿਸਾਨਾਂ ‘ਤੇ ਵੀ ਹਮਲਾ ਕੀਤਾ ਗਿਆ। ਇਸ ਹਮਲੇ ‘ਚ ਇੱਕ ਹੋਰ ਕਿਸਾਨ ਦਾ ਹੱਥ ਛੁਰੇ ਨਾਲ ਜ਼ਖਮੀ ਹੋ ਗਿਆ। ਕਿਸਾਨਾਂ ਅਨੁਸਾਰ ਹਮਲਾਵਰ ਨੇ ਬਹੁਤ ਜ਼ਿਆਦਾ ਨਸ਼ਾ ਕੀਤਾ ਹੋਇਆ ਸੀ। ਨਾਲ ਹੀ ਦੱਸ ਦਈਏ ਕਿ ਕਿਸਾਨਾਂ ਨੇ ਟਰਾਲੀ ਛੱਡ ਕੇ ਭੱਜ ਰਹੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸਨੂੰ ਉਸਦੇ ਬੈਗ ‘ਚੋਂ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ।
ਇਸ ਹਮਲੇ ‘ਚ ਜ਼ਖ਼ਮੀ ਕਿਸਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀ ਕੌਣ ਹੈ ਅਤੇ ਉਸ ਨੇ ਅਜਿਹਾ ਕਿਉਂ ਕੀਤਾ।
ਕੀ ਹਨ ਕਿਸਾਨਾਂ ਦੀਆਂ ਮੰਗਾਂ?
ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ 9 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀ ਮੀਂਹ ਅਤੇ ਕੀੜਿਆਂ ਦੇ ਹਮਲੇ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 200 ਰੁਪਏ ਪ੍ਰਤੀ ਕੁਇੰਟਲ ਵਿੱਤੀ ਸਹਾਇਤਾ ਦੀ ਮੰਗ ਕਰ ਰਹੇ ਹਨ।
ਇਸ ਤੋਂ ਇਲਾਵਾ ਉਹ ਕਿਸਾਨਾਂ ਨੂੰ ਜ਼ਮੀਨ ਗ੍ਰਹਿਣ ਕਰਨ ਅਤੇ ਮੱਕੀ, ਮੂੰਗੀ ਅਤੇ ਬਾਸਮਤੀ ਵਰਗੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਈ ਢੁਕਵਾਂ ਮੁਆਵਜ਼ਾ ਦੇਣ ਦੀ ਵੀ ਮੰਗ ਕਰ ਰਹੇ ਹਨ। ਧਰਨਾਕਾਰੀਆਂ ਦੀ ਇਹ ਵੀ ਮੰਗ ਹੈ ਕਿ ਜਿਨ੍ਹਾਂ ਡੇਅਰੀ ਫਾਰਮਰਾਂ ਦੇ ਪਸ਼ੂ ਚਮੜੀ ਦੀਆਂ ਬਿਮਾਰੀਆਂ ਕਾਰਨ ਮਰ ਚੁੱਕੇ ਹਨ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਇਸ ਦੇ ਨਾਲ ਹੀ ਕਿਸਾਨ ਪ੍ਰਦੂਸ਼ਣ ਦਾ ਗੜ੍ਹ ਬਣ ਚੁੱਕੀਆਂ ਸ਼ਰਾਬ ਦੀਆਂ ਫੈਕਟਰੀਆਂ ਨੂੰ ਬੰਦ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੰਗ ਵੀ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਸਰਕਾਰ ਤੋਂ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੇ ਕਿਸਾਨਾਂ ‘ਤੇ ਸਖ਼ਤ ਕਾਰਵਾਈ ਨਾ ਕਰਨ ਦੀ ਵੀ ਮੰਗ ਕੀਤੀ ਹੈ |