ਸੂਬਾ ਸਰਕਾਰ ਦੀ ਸੁਰੱਖਿਆ ਤੋਂ ਇਨਕਾਰ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ‘ਜ਼ੈੱਡ’ ਸੁਰੱਖਿਆ ਦੀ ਪੇਸ਼ਕਸ਼ ਕੀਤੀ ਹੈ। ਦੇਰ ਸ਼ਾਮ ਆਪਣਾ ਸੰਦੇਸ਼ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੀ ਸੁਰੱਖਿਆ ਨੂੰ ਵੀ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਦੇ ਪਿੱਛੇ ਦਾ ਕਾਰਨ ਉਸ ਨੇ ਆਪਣੀ ਡਿਊਟੀ ਨੂੰ ਦੱਸਿਆ ਹੈ।
ਜਿਸ ‘ਚ ਉਨ੍ਹਾਂ ਨੇ ਕੇਂਦਰ ਵੱਲੋਂ ਦਿੱਤੀ ਗਈ ਸੁਰੱਖਿਆ ਵਾਪਿਸ ਲੈਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਦਾ ਧੰਨਵਾਦ ਕਰਦਾ ਹਾਂ ਉਨ੍ਹਾਂ ਕਿਹਾ ਕਿ ਮੇਰਾ ਕੰਮ ਸਿੱਖ ਧਰਮ ਦਾ ਪ੍ਰਚਾਰ ਕਰਨਾ ਹੈ। ਜਿਸ ਲਈ ਮੈਨੂੰ ਦੇਸ਼ਾਂ ਵਿਦੇਸ਼ਾਂ ‘ਚ ਵਿਚਰਨਾ ਪੈਂਦਾ ਹੈ ਤੇ ਲੋਕ ਮੈਨੂੰ ਨੇੜਿਓ ਮਿਲਦੇ ਹਨ ਤੇ ਕਈ ਵਾਰ ਤਾਂ ਸਾਨੂੰ ਗੁਰਸਿੱਖਾਂ ਦੇ ਘਰ ਵੀ ਰਹਿਣਾ ਪੈਂਦਾ ਹੈ। ਅਜਿਹੇ ਹਲਾਤਾਂ ‘ਚ ਮੇਰੇ ਲਈ Z ਸੁਰੱਖਿਆ ਰਖਣਾ ਆਸਾਨ ਨਹੀਂ ਹੋਵੇਗਾ। ਇਸ ਲਈ ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਲਏ ਗਏ ਇਸ ਫੈਸਲੇ ਨੂੰ ਮੁਲਤਵੀ ਕਰ ਦੇਣ।
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ 424 ਸੁਰੱਖਿਆ ਪ੍ਰਾਪਤ ਵਿਅਕਤੀਆਂ ਦੀ ਸੁਰੱਖਿਆ ਵਾਪਸ ਲਈ ਸੀ। ਇਸ ‘ਚ ਸਿੱਧੂ ਮੂਸੇਵਾਲਾ ਦਾ ਨਾਂ ਵੀ ਸ਼ਾਮਲ ਸੀ, ਜਿਨ੍ਹਾਂ ਦੀ ਸੁਰੱਖਿਆ ‘ਚ ਕਟੌਤੀ ਕੀਤੀ ਗਈ ਸੀ। ਇਸ ਦੇ ਅਗਲੇ ਹੀ ਦਿਨ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸੁਰੱਖਿਆ ਵਾਪਸ ਲੈਣ ਦਾ ਮੁੱਦਾ ਕਾਫੀ ਗਰਮਾ ਗਿਆ ਸੀ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਗਾਤਾਰ ਘੇਰਿਆ ਜਾਣ ਲੱਗਾ।