ਲੁਧਿਆਣਾ ਵਿੱਚ ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ (ਏ.ਡੀ.ਈ.ਓ.) ਵੱਲੋਂ ਝਿੜਕਣ ਤੋਂ ਬਾਅਦ ਸਕੂਲ ਅਧਿਆਪਕ ‘ਤੇ ਅਧਰੰਗ ਦਾ ਅਟੈਕ ਆਉਣਾ ਦਾ ਮਾਮਲਾ ਜ਼ੋਰ ਫੜ ਰਿਹਾ ਹੈ। ਜ਼ਿਲ੍ਹੇ ਦੇ ਅਧਿਆਪਕ ਇਸ ਘਟਨਾ ਤੋਂ ਬਾਅਦ ਏਡੀਈਓ ‘ਤੇ ਕਾਰਵਾਈ ਦੀ ਮੰਗ ਕਰ ਰਹੇ ਹਨ। ਐਤਵਾਰ ਨੂੰ ‘ਅਧਿਆਪਕ ਦਿਵਸ’ ਦੇ ਦਿਨ ਵੱਖ -ਵੱਖ ਅਧਿਆਪਕ ਯੂਨੀਅਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਮਿੰਨੀ ਸਕੱਤਰੇਤ ਦੇ ਅੰਦਰ ‘ਅਧਿਆਪਕ ਦਿਵਸ’ ‘ਤੇ online ਪ੍ਰੋਗਰਾਮ ਰਾਹੀਂ ਅਧਿਆਪਕਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।
ਵਿਰੋਧ ਕਰ ਰਹੇ ਸੁਖਪਾਲ ਸਿੰਘ, ਬਲਵਿੰਦਰ ਸਿੰਘ, ਪਰਮਿੰਦਰ ਚੌਹਾਨ ਦਾ ਕਹਿਣਾ ਹੈ ਕਿ ਏਡੀਈਓ ਵੱਲੋਂ ਸਾਹਨੇਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਸੁਪਨਦੀਪ ਕੌਰ ਨੂੰ ਭੀੜ ਦੇ ਵਿੱਚਕਾਰ ਝਿੜਕਣ ਦੀ ਘਟਨਾ ਅਤਿ ਨਿੰਦਣਯੋਗ ਹੈ। ਇਸ ਨਾਲ ਅਧਿਆਪਕ ਨੂੰ ਪਰੇਸ਼ਾਨੀ ਹੋਈ ਅਤੇ ਉਸ ਨੂੰ ਅਧਰੰਗ ਦਾ ਦੌਰਾ ਪੈ ਗਿਆ। ਉਨ੍ਹਾਂ ਸਿੱਖਿਆ ਵਿਭਾਗ ਦੇ ਮਾਮਲੇ ਦੀ ਜਾਂਚ ਅਤੇ ਏਡੀਈਓ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਵਿਭਾਗ ਵੱਲੋਂ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
ਦੱਸ ਦੇਈਏ ਕਿ ਵੀਰਵਾਰ ਨੂੰ ਲੁਧਿਆਣਾ ਦੇ ਸਾਹਨੇਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਸੁਪਨਦੀਪ ਕੌਰ ਨੇ ਟੀਕਾਕਰਣ ਕੈਂਪ ਲਈ ਕਮਰਾ ਨਾ ਦੇਣ ਕਾਰਨ ਸਕੂਲ ਪਹੁੰਚੇ ਲੋਕਾਂ ਦੇ ਸਾਹਮਣੇ ਉਸ ਨੂੰ ਝਿੜਕਿਆ ਸੀ। ਇਸ ਦੌਰਾਨ, ਅਧਿਆਪਕ ਨੂੰ ਅਧਰੰਗ ਦਾ ਦੌਰਾ ਪਿਆ ਅਤੇ ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ।ਉਦੋਂ ਤੋਂ ਅਧਿਆਪਕ ਜਥੇਬੰਦੀਆਂ ਏਡੀਈਓ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸੁਣਵਾਈ ਨਾ ਹੋਈ ਤਾਂ ਉਹ 9 ਸਤੰਬਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਦਾ ਘਿਰਾਓ ਕਰਨਗੇ।