ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ’ਚ ਫਸੇ ਭਾਰਤੀ ਨਾਗਰਿਕਾਂ ਨੂੰ ਅਗਲੇ ਕੁਝ ਦਿਨਾਂ ਦੇ ਅੰਦਰ ਸੁਰੱਖਿਅਤ ਕੱਢਣ ਦੀ ਸਰਕਾਰ ਦੀ ਰਣਨੀਤੀ ਬਾਰੇ ਵਿਚਾਰਾਂ ਕੀਤੀਆਂ। ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੌਰਾਨ ਅਫ਼ਗਾਨਿਸਤਾਨ ’ਚ ਰਹਿ ਰਹੇ ਹਿੰਦੂਆਂ ਅਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਬਾਰੇ ਵੀ ਸਮੀਖਿਆ ਕੀਤੀ ਗਈ।
ਅਫ਼ਗਾਨਿਸਤਾਨ ’ਚ ਤੇਜ਼ੀ ਨਾਲ ਬਦਲ ਰਹੇ ਹਾਲਾਤ ਦਰਮਿਆਨ ਪਿਛਲੇ 24 ਘੰਟਿਆਂ ’ਚ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਇਹ ਦੂਜੀ ਬੈਠਕ ਹੈ। ਮੀਟਿੰਗ ਦੇ ਵੇਰਵੇ ਤਾਂ ਨਹੀਂ ਮਿਲ ਸਕੇ ਪਰ ਮੰਨਿਆ ਜਾ ਰਿਹਾ ਹੈ ਕਿ ਅਫ਼ਗਾਨਿਸਤਾਨ ਸਬੰਧੀ ਸਰਕਾਰ ਵੱਲੋਂ ਮੰਗਲਵਾਰ ਨੂੰ ਬਣਾਈ ਗਈ ਰਣਨੀਤੀ ਬਾਰੇ ਪ੍ਰਧਾਨ ਮੰਤਰੀ ਨੇ ਅੱਜ ਸਮੀਖਿਆ ਕੀਤੀ। ਉਨ੍ਹਾਂ ਪਹਿਲਾਂ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹੋਏ ਹਨ ਕਿ ਉਹ ਹਿੰਦੂਆਂ ਅਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਉਠਾਉਣ ਅਤੇ ਅਧਿਕਾਰੀਆਂ ਨੂੰ ਕਾਬੁਲ ’ਚ ਉਨ੍ਹਾਂ ਦੇ ਆਗੂਆਂ ਦੇ ਸੰਪਰਕ ’ਚ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਵੀਂ ਐਮਰਜੈਂਸੀ ਵੀਜ਼ਾ ਸ਼੍ਰੇਣੀ ਤਹਿਤ ਹਿੰਦੂਆਂ ਅਤੇ ਸਿੱਖਾਂ ਦੀਆਂ ਵੀਜ਼ਾ ਅਰਜ਼ੀਆਂ ’ਤੇ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ ਦਾ ਫ਼ੈਸਲਾ ਲਿਆ ਹੈ। ਕੈਬਨਿਟ ਕਮੇਟੀ ਨੇ ਅਫ਼ਗਾਨਿਸਤਾਨ ’ਚ ਭਾਰਤੀ ਸੰਪਤੀਆਂ ਦੀ ਸੁਰੱਖਿਆ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।