ਚੰਡੀਗੜ੍ਹ ਵਿਖੇ ਅੱਜ ਸੰਯੁਕਤ ਸਮਾਜ ਮੋਰਚੇ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਗੁਰਨਾਮ ਸਿੰਘ ਚੜੂਨੀ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ ਅਤੇ ਸਮਝੌਤੇ ਲਈ ਵੀ ਇਕ ਕਮੇਟੀ ਬਣਾ ਲਈ ਗਈ ਹੈ।
‘ਆਪ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਕੋਈ ਵੀ ਸਮਝੌਤਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਵੱਲੋਂ ਦੋ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਇਕ ਗੁਰਨਾਮ ਸਿੰਘ ਚੜੂਨੀ ਨਾਲ ਸਮਝੌਤੇ ਲਈ ਅਤੇ ਇਕ ਚੋਣ ਮੈਨਫ਼ੈਸਟੋ ਲਈ, ਜੋ ਕਿ ਰੱਲ ਕੇ ਕੰਮ ਕਰਨਗੀਆਂ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕ-ਦੋ ਦਿਨਾਂ ’ਚ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਜਾਵੇਗੀ ਅਤੇ ਲੁਧਿਆਣਾ ’ਚ ਐੱਸ. ਐੱਸ. ਐੱਮ. ਦਾ ਹੈੱਡਕੁਆਰਟਰ ਹੋਵੇਗਾ। ਰਾਜੇਵਾਲ ਨੇ ਕਿਹਾ ਕਿ ਸਾਡੇ ਵੱਲੋਂ ਸਿਰਫ ਮੈਨੀਫੈਸਟੋ ਲਿਖਣਾ ਹੀ ਬਾਕੀ ਜਿਸ ਨੂੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਵੇਂ ਇਲੈਕਸ਼ਨ ਕਮਿਸ਼ਨ ਕਹਿੰਦਾ ਹੈ, ਉਵੇ ਹੀ ਕੰਪੇਨ ਦੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰੱਪਸ਼ਨ ਨੇ ਸਭ ਤੋਂ ਵੱਧ ਖਾਧਾ ਹੈ ਅਤੇ ਪੰਜਾਬ ਡੁੱਬਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਬਚਾਉਣ ਲਈ ਸਿਆਸਤ ‘ਚ ਪੈਰ ਪਾਇਆ ਹੈ ਅਤੇ ਅਸੀਂ ਇਸੇ ਲਈ ਹੀ ਚੋਣ ਮੈਦਾਨ ’ਚ ਉਤਰੇ ਹਾਂ ਤਾਂ ਕਿ ਪੰਜਾਬ ਨੂੰ ਬਚਾਇਆ ਜਾ ਸਕੇ।
ਇਸਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਦੀ ਰੱਦ ਹੋਈ ਰੈਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਤਾਂ ਕਾਂਗਰਸ ਅਤੇ ਭਾਜਪਾ ਆਪਸੀ ਲੜਾਈ ਹੈ ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਨਾਂ ਵਜ੍ਹਾ ਪੰਜਾਬ ਨੂੰ ਕੜੀਸ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਸਾਰੇ ਸਿਆਸੀ ਲੀਡਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਗਲਤ ਰੰਗਤ ਦੇਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।