ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਤਰਨਤਾਰਨ ਵਿੱਚ ਹੈਂਡ ਗ੍ਰਨੇਡ ਦੀ ਬਰਾਮਦਗੀ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅਸੀਂ ਪਾਕਿਸਤਾਨ ਤੋਂ ਆਏ ਟਿਫਿਨ ਬੰਬ ਨੂੰ ਬਰਾਮਦ ਕਰ ਲਿਆ ਹੈ, ਪਰ ਜਿਨ੍ਹਾਂ ਨੂੰ ਅਸੀਂ ਬਰਾਮਦ ਨਹੀਂ ਕਰ ਸਕੇ, ਉਨ੍ਹਾਂ ਦੇ ਪਿੱਛੇ ਪਾਕਿਸਤਾਨ ਦੀ ਵੱਡੀ ਸਾਜ਼ਿਸ਼ ਦੀ ਤਿਆਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਕਿਸਾਨ ਅੰਦੋਲਨ ਲਈ ਵੀ ਹੋ ਸਕਦੀ ਹੈ। ਅਸੀਂ ਪਾਕਿਸਤਾਨ ਦੀ ਨੀਅਤ ਦਾ ਪਤਾ ਲਗਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।
ਦੱਸਣਯੋਗ ਹੈ ਕਿ ਜ਼ਿਲ੍ਹਾ ਤਰਨਤਾਰਨ ਪੁਲਿਸ ਨੇ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਵੱਡਾ ਧਮਾਕਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਪਿੰਡ ਕੱਕਾ ਕੰਡਿਆਲਾ ਦੇ ਕੋਲ ਲਗਾਏ ਨਾਕੇ ਦੌਰਾਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਰੋਕਿਆ ਅਤੇ ਉਸਦੀ ਤਲਾਸ਼ੀ ਲਈ ਅਤੇ ਉਸ ਕੋਲੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ।ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਵਿਸਫੋਟਕ ਸਮਗਰੀ ਭਗਵਾਨ ਕ੍ਰਿਸ਼ਨ ਦੇ ਜਨਮ ਦੇ ਮੌਕੇ ‘ਤੇ ਭੀੜ -ਭੜੱਕੇ ਵਾਲੇ ਖੇਤਰ ਵਿੱਚ ਵਰਤੀ ਜਾਣੀ ਸੀ, ਪਰ ਇਸ ਤੋਂ ਪਹਿਲਾਂ ਪੁਲਿਸ ਨੇ ਇਸ ਵਿਸ਼ੇਸ਼ ਨਾਕੇ ਦੌਰਾਨ ਇਸ ਨੂੰ ਕਾਬੂ ਕਰ ਲਿਆ। ਫਿਲਹਾਲ ਜਾਂਚ ਚੱਲ ਰਹੀ ਹੈ, ਜਿਸ ਵਿੱਚ ਪੁਲਿਸ ਨੇ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।