ਪੰਜਾਬ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਸਬੰਧੀ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 23ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸੇ ਦੌਰਾਨ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਚਾਨਕ ਧਰਨੇ ਵਿੱਚ ਪਹੁੰਚ ਗਏ ਅਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਕੈਪਟਨ ਸੰਦੀਪ ਸੰਧੂ ਨੇ ਭਰੋਸਾ ਦਿੱਤਾ ਕਿ ਅਧਿਆਪਕ ਮੰਗਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੇਸ ਤਿਆਰ ਕਰਕੇ ਆਗਾਮੀ ਬੁੱਧਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਿਨ੍ਹਾਂ ਅਧਿਆਪਕਾਂ ਦਾ ਡਿਪਲੋਮਾ ਨਹੀਂ ਕੀਤਾ ਹੋਇਆ ਹੈ, ਉਨ੍ਹਾਂ ਦਾ ਵੀ ਢੁੱਕਵਾਂ ਹੱਲ ਕੱਢਿਆ ਜਾਵੇਗਾ ਅਤੇ ਇੱਕ-ਇੱਕ ਅਧਿਆਪਕ ਨੂੰ ਪੱਕੀ ਪੋਸਟ ’ਤੇ ਲਾਇਆ ਜਾਵੇਗਾ। ਇਸ ਮੌਕੇ ਮੌਜੂਦ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸਮੇਤ ਹੋਰ ਆਗੂਆਂ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾਪੰ ਕਿ ਹੁਣ ਉਹ ਸਰਕਾਰ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।