ਚੋਣ ਜਿੱਤਣ ਮਗਰੋਂ ਰੋਡ ਸ਼ੋਅ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜਣ ਦੀ ਖ਼ਬਰ ਦੇਖਣ ਨੂੰ ਮਿਲੀ ਹੈ। ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਮਸਤੁਆਣਾ ਸਾਹਿਬ ਨਤਮਸਤਕ ਹੋਣ ਦੇ ਲਈ ਜਾ ਰਹੇ ਸੀ ਕਿ ਰਸਤੇ ‘ਚ ਗਰਮੀ ਤੇ ਰੋਡ ਸ਼ੋਅ ਦੌਰਾਨ ਜ਼ਿਆਦਾ ਇਕੱਠ ਹੋਣ ਕਾਰਨ ਉਨ੍ਹਾਂ ਨੂੰ ਸਾਹ ਲੈਣ ‘ਚ ਪ੍ਰੋਬਲਮ ਆਉਂਦੀ ਹੈ ਤੇ ਉਹ ਬੇਹੋਸ਼ ਹੋ ਜਾਂਦੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈੱਕਅਪ ਕਰਨ ਉਪਰੰਤ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਜਿਸ ਤੋਂ ਬਾਅਦ ਫਿਲਹਾਲ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ ਤੇ ਉਨ੍ਹਾਂ ਨੂੰ ਆਰਾਮ ਲਈ ਘਰ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਸਵੇਰ ਤੋਂ ਹੀ ਢਿੱਲੀ ਚੱਲ ਰਹੀ ਸੀ ਤੇ ਉਨ੍ਹਾਂ ਵੱਲੋਂ ਦਵਾਈਆਂ ਵੀ ਲਈਆਂ ਜਾ ਰਹੀਆਂ ਸਨ ਤੇ ਡਾਕਟਰਾਂ ਨੇ ਵੀ ਉਨ੍ਹਾਂ ਨੂੰ ਜ਼ਿਆਦਾ ਬੋਲਣ ਤੋਂ ਮਨ੍ਹਾ ਕੀਤਾ ਸੀ।
ਮਾਨ ਦੇ ਸਾਥੀ ਜਸਕਰਨ ਸਿੰਘ ਕਾਨਵਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਸਿਹਤ ਠੀਕ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ, ਦੀਪ ਸਿੱਧੂ ਦੇ ਘਰ ਜਾਇਆ ਜਾਵੇਗਾ ਤੇ ਉਸ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋ ਕੇ ਉਨ੍ਹਾਂ ਵੱਲੋਂ ਸੰਗਰੂਰ ਲੋਕ ਸਭਾ ਹਲਕਿਆਂ ਦੇ ਪਿੰਡਾ ਦਾ ਧੰਨਵਾਦੀ ਦੌਰਾ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਦੌਰਾਨ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਸਵੇਂ ਮੁਕਾਬਲੇ ’ਚ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 5822 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਹਾਸਲ ਕੀਤੀਆਂ, ਜਦਕਿ ਗੁਰਮੇਲ ਸਿੰਘ ਘਰਾਚੋਂ ਨੂੰ 247332 ਵੋਟਾਂ ਹੀ ਹਾਸਲ ਹੋਈਆਂ।