ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ 20 ਦਿਨਾਂ ਦੌਰਾਨ ਦਰੱਖਤ ਡਿੱਗਣ ਦੀਆਂ ਦਰਜਨ ਘਟਨਾਵਾਂ ਵਾਪਰਨ ਤੋਂ ਬਾਅਦ ਯੂਟੀ ਪ੍ਰਸ਼ਾਸਨ ਪੁਰੀ ਤਰ੍ਹਾਂ ਚੌਕਸ ਹੋ ਗਿਆ ਹੈ। ਅੱਜ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਚੰਡੀਗੜ੍ਹ ਨਗਰ ਨਿਗਮ, ਜੰਗਲਾਤ, ਬਾਗਵਾਨੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸ਼ਹਿਰ ਵਿੱਚ ਲੱਗੇ ਦਰੱਖਤਾਂ ਦੀ ਸਮੇਂ ਸਿਰ ਨਿਯਮਾਂ ਅਨੁਸਾਰ ਛਾਂਗਣ ਦੇ ਆਦੇਸ਼ ਦਿੱਤੇ ਹਨ।
ਆਮ ਆਦਮੀ ਪਾਰਟੀ (ਆਪ) ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਪ੍ਰੇਮ ਗਰਗ ਨੇ ਸ਼ਹਿਰ ਵਿੱਚ ਦਰੱਖਤ ਡਿੱਗਣ ਦੀਆਂ ਘਟਨਾਵਾਂ ਸਬੰਧੀ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਦਰੱਖਤਾਂ ਦੀ ਦੇਖਭਾਲ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਜਾ ਰਹੇ।
ਸ਼ਹਿਰ ਵਿੱਚ ਦਰੱਖਤਾਂ ਦੀ ਜੜ੍ਹਾਂ ਕਮਜ਼ੋਰ ਹੋ ਰਹੀਆਂ ਹਨ ਅਤੇ ਦਰੱਖਤਾਂ ਦੀ ਸਮੇਂ ਸਿਰ ਛੰਗਾਈ ਨਾ ਹੋਣ ਕਰਕੇ ਦਰੱਖਤ ਵੱਡੇ ਹੁੰਦੇ ਜਾ ਰਹੇ ਹਨ। ਯੂਟੀ ਪ੍ਰਸ਼ਾਸਨ ਨੂੰ ਦਰੱਖਤਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਲਈ ਯੋਜਨਾ ਤਿਆਰ ਕਰਨੀ ਚਾਹੀਦੀ ਹੈ।
ਜਿਕਰਯੋਗ ਹੈ ਕਿ ਸ਼ਹਿਰ ਦੇ ਸੈਕਟਰ 9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ ਦਰੱਖਤ ਡਿੱਗਣ ਕਰਕੇ 16 ਸਾਲਾਂ ਦੀ ਵਿਦਿਆਰਥਣ ਹਿਰਾਕਸ਼ੀ ਦੀ ਮੌਤ ਹੋ ਗਈ ਸੀ। ਉਸ ਤੋਂ ਬਾਅਦ ਮੌਨਸੂਨ ਦੇ ਸੀਜ਼ਨ ਵਿੱਚ ਹਰ ਦੂਜੇ ਦਿਨ ਸ਼ਹਿਰ ਵਿੱਚ ਕਿਸੇ ਥਾਂ ’ਤੇ ਦਰੱਖਤ ਡਿੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।