ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਚੋਣ ਕਮਿਸ਼ਨ ਨੂੰ ਇਕ ਪੱਤਰ ਲਿੱਖਿਆ ਹੈ। ਸੀ.ਐਮ. ਚੰਨੀ ਨੇ ਪੱਤਰ ਰਾਹੀਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਕ ਬਦਲਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਲਿਖੇ ਪੱਤਰ ’ਚ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਦਾ 16 ਫਰਵਰੀ ਨੂੰ ਗੁਰਪੁਰਬ ਹੈ ਅਤੇ ਪੰਜਾਬ ਵਿਚ ਕਰੀਬ 32 ਫੀਸਦੀ ਲੋਕ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਹਨ।
ਉਨ੍ਹਾਂ ਲਿਖਿਆ ਕਿ ਸੂਬੇ ਦੇ ਲੱਖਾਂ ਲੋਕਾਂ ਨੇ ਬਨਾਰਸ ਵਿਖੇ ਇਹ ਦਿਹਾੜਾ ਮਨਾਉਣ ਜਾਣਾ ਹੈ ਜਿਸ ਕਰਕੇ ਪੰਜਾਬ ਚੋਣਾਂ 6 ਦਿਨਾਂ ਲਈ ਮੁਲਤਵੀ ਕੀਤੀਆਂ ਜਾਣ।
ਦੱਸ ਦਈਏ ਕਿ ਪੰਜਾਬ ਵਿਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਚੋਣ ਕਮਿਸ਼ਨ ਨੂੰ ਇਕ ਪੱਤਰ ਲਿੱਖ ਕੇ ਨੁੱਕੜ ਮੀਟਿੰਗਾਂ ਕਰਨ ਦੀ ਇਜਾਜ਼ਤ ਮੰਗੀ ਸੀ।