ਪੰਜਾਬ ਸਰਕਾਰ ਨੇ ਓਲੰਪਿਕ ਚੈਂਪੀਅਨਜ਼ ਦੀ ਇਨਾਮੀ ਰਕਮ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। 11 ਪੁਰਸ਼ ਹਾਕੀ ਖਿਡਾਰੀਆਂ ਨੂੰ ਢਾਈ-ਢਾਈ ਕਰੋੜ ਮਿਲਣਗੇ। ਸਰਕਾਰ ਨੇ ਪਹਿਲਾਂ ਇੱਕ-ਇੱਕ ਕਰੋੜ ਦਾ ਐਲਾਨ ਕੀਤਾ ਸੀ। ਗੋਲਡ ਮੈਡਲਿਸਟ ਨੀਰਜ ਨੂੰ ਢਾਈ ਕਰੋੜ ਵੀ ਮਿਲਣਗੇ।
ਦੋ ਮਹਿਲਾ ਹਾਕੀ ਖਿਡਾਰੀਆਂ ਲਈ ਵੀ ਇਨਾਮ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਗੁਰਜੀਤ ਕੌਰ ਅਤੇ ਰੀਨਾ ਖੋਖਰ ਨੂੰ 50-50 ਲੱਖ ਰੁਪਏ ਮਿਲਣਗੇ। ਡਿਸਕਸ ਥ੍ਰੋ ਫ਼ਾਈਨਲ ਚ ਪਹੁੰਚੀ ਕਮਲਪ੍ਰੀਤ ਨੂੰ ਵੀ 50 ਲੱਖ ਰੁਪਏ ਮਿਲਣਗੇ। ਪੰਜਾਬ ਦੇ ਬਾਕੀ ਖਿਡਾਰੀਆਂ ਨੂੰ ਸਰਕਾਰ 21-21 ਲੱਖ ਰੁਪਏ ਦੇਵੇਗੀ।
ਭਾਰਤੀ ਹਾਕੀ ਟੀਮ ਨੇ 41 ਸਾਲ ਬਾਅਦ ਓਲੰਪਿਕ ਖੇਡਾਂ ਵਿੱਚ ਤਮਗਾ ਜਿੱਤਿਆ ਹੈ , ਜਿਸ ਵਿੱਚ ਕਪਤਾਨ ਤੇ ਉਪ ਕਪਤਾਨ ਸਮੇਤ ਸਭ ਤੋਂ ਵੱਧ ਖਿਡਾਰੀ (11) ਪੰਜਾਬ ਦੇ ਸਨ। ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਇਨ੍ਹਾਂ 11 ਪੰਜਾਬੀ ਖਿਡਾਰੀਆਂ ਮਨਪ੍ਰੀਤ ਸਿੰਘ (ਕਪਤਾਨ), ਹਰਮਨਪ੍ਰੀਤ ਸਿੰਘ (ਉਪ ਕਪਤਾਨ), ਰੁਪਿੰਦਰ ਪਾਲ ਸਿੰਘ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਹਾਰਦਿਕ ਸਿੰਘ ਤੇ ਕ੍ਰਿਸ਼ਨ ਪਾਠਕ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਕੀ ਖਿਡਾਰੀਆਂ ਦੀ ਰਾਸ਼ੀ ਵਿੱਚ ਵੀ ਵਾਧਾ ਕਰ ਦਿੱਤਾ ਹੈ। ਹੁਣ ਸੂਬੇ ਦੇ ਹਰੇਕ ਹਾਕੀ ਖਿਡਾਰੀ ਨੂੰ 2.51 ਕਰੋੜ ਰੁਪਏ ਦੇ ਨਗਦ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ।
ਇਸੇ ਤਰ੍ਹਾਂ ਓਲੰਪਿਕ ਖੇਡਾਂ ਦੇ ਮਹਿਲਾ ਹਾਕੀ ਮੁਕਾਬਲਿਆਂ ਵਿੱਚ ਚੌਥੇ ਸਥਾਨ ਉਤੇ ਆ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੀਆਂ ਦੋ ਪੰਜਾਬੀ ਖਿਡਾਰਨਾ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਅਥਲੈਟਿਕਸ ਦੇ ਡਿਸਕਸ ਫਾਈਨਲ ਮੁਕਾਬਲੇ ਵਿੱਚ ਛੇਵਾਂ ਸਥਾਨ ਹਾਸਲ ਕਰਨ ਵਾਲੀ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ 12 ਅਗਸਤ ਨੂੰ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਦਾ ਸਨਮਾਨ ਕਰਨ ਅਤੇ ਹੋਰ ਖੇਡਾਂ ਵਿੱਚ ਭਾਗ ਲੈਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਕਦ ਇਨਾਮ ਦੇਣ ਲਈ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਜਾਵੇਗਾ।
ਪੰਜਾਬ ਸਰਕਾਰ ਖਿਡਾਰੀਆਂ ਨੂੰ 32.67 ਕਰੋੜ ਦੀ ਇਨਾਮੀ ਰਕਮ ਦੇਵੇਗੀ। ਇਸ ਸਮਾਗਮ ਦੌਰਾਨ ਪੰਜਾਬ ਦੇ ਖਿਡਾਰੀਆਂ ਅਤੇ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੁੱਲ 32.67 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਆ ਜਾਵੇਗਾ।
ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਦੇ ਹੋਰਨਾਂ ਖਿਡਾਰੀਆਂ ਮੁੱਕੇਬਾਜ਼ ਸਿਮਰਨਜੀਤ ਕੌਰ, ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਤੇ ਅੰਗਦਵੀਰ ਸਿੰਘ ਅਤੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਗੁਰਪ੍ਰੀਤ ਸਿੰਘ ਅਤੇ ਪੈਰਾਲੰਪਿਕ ਵਿੱਚ ਹਿੱਸਾ ਲੈਣ ਜਾ ਰਹੀ ਬੈਡਮਿੰਟਨ ਖਿਡਾਰਨ ਪਲਕ ਕੋਹਲੀ ਨੂੰ 21-21 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਸੂਬੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਦੇ ਮੰਤਵ ਨਾਲ ਓਲੰਪਿਕ ਵਿੱਚ ਤਮਗ਼ਾ ਜੇਤੂ ਖਿਡਾਰੀਆਂ ਨੂੰ ਪਹਿਲਾ ਐਲਾਨੀ ਿੲਨਾਮੀ ਰਾਸ਼ੀ ਵਿੱਚ ਵੀ ਵਾਧਾ ਕਰ ਦਿੱਤਾ ਹੈ ਤਾਂ ਜੋ ਨਵੀਂ ਉਮਰ ਦੇ ਖਿਡਾਰੀਆਂ ਨੂੰ ਮੋਟੀਵੇਸ਼ਨ ਮਿਲ ਸਕੇ।