ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਕੁੱਝ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਾਏ ਹਨ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਕੁਝ ਅਧਿਕਾਰੀ ਉਸ ਨੂੰ ਫੋਨ ਕਰਕੇ ਇਕ ਮੰਤਰੀ ਦੀ ਮਦਦ ਕਰਨ ਦਾ ਦੋਸ਼ ਲਾਉਂਦੇ ਹਨ। ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਇਸ ਮਾਮਲੇ ਵਿਚ ਉਸ ਨੇ ਸਾਲ 2018 ਵਿਚ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖਆ ਸੀ ਪਰ ਸਰਕਾਰ ਨੇ ਹਾਲੇ ਤੱਕ ਪੱਤਰ ਦਾ ਕੋਈ ਜਵਾਬ ਨਹੀਂ ਦਿੱਤਾ। ਮਨੀਸ਼ਾ ਗੁਲਾਟੀ ਨੇ ਹੁਣ ਫ਼ਿਰ ਪੰਜਾਬ ਸਰਕਾਰ ਨੂੰ ਮੰਤਰੀ ਚਰਨਜੀਤ ਚੰਨੀ ਦੇ ਮਾਮਲੇ ‘ਚ ਪੱਤਰ ਲਿਖ ਕੇ ਇਕ ਹਫਤੇ ਵਿਚ ਰਿਪੋਰਟ ਤਲਬ ਕੀਤੀ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਜੇ ਪੰਜਾਬ ਸਰਕਾਰ ਨੇ ਇਕ ਹਫਤੇ ਵਿਚ ਜਵਾਬ ਨਾ ਦਿੱਤਾ ਤਾਂ ਉਹ ਭੁੱਖ ਹੜਤਾਲ ‘ਤੇ ਬੈਠੇਗੀ। ਗੁਲਾਟੀ ਨੇ ਕਿਹਾ ਕਿ ਜੇ ਅਧਿਕਾਰੀਆਂ ਨੇ ਹੁਣ ਫੋਨ ਕੀਤਾ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦਰਅਸਲ ਪੰਜਾਬ ਦੇ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਇੱਕ ਮਹਿਲਾ ਅਧਿਕਾਰੀ ਨੇ ਅਸ਼ਲੀਲ ਮੈਸੇਜ ਭੇਜਣ ਦਾ ਇਲਜ਼ਾਮ ਲਾਇਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਕਾਫ਼ੀ ਚਰਚਾ ਵਿੱਚ ਆਇਆ ਸੀ। ਇਸ ਸਬੰਧ ਵਿਚ ਮਹਿਲਾ ਕਮਿਸ਼ਨ ਨੇ ਸਰਕਾਰ ਕੋਲੋਂ ਜਵਾਬ ਮੰਗਿਆ ਸੀ। ਜਿਸਦਾ ਹੁਣ ਤੱਕ ਜਵਾਬ ਨਹੀਂ ਮਿਲਆ ਤੇ ਹੁਣ 2021 ‘ਚ ਕੁਝ ਅਧਿਕਾਰੀ ਮਨੀਸ਼ਾ ਗੁਲਾਟੀ ਨੂੰ ਫੋਨ ਕਰਕੇ ਕਹਿ ਰਹੇ ਹਨ ਕਿ ਉਹ ਸਰਕਾਰ ਨਾਲ ਮਿਲੀ ਹੋਈ ਹੈ ਤੇ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਭੜਕੀ ਮਨੀਸ਼ਾ ਗੁਲਾਟੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਇੱਕ ਹਫ਼ਤੇ ‘ਚ ਨੋਟਿਸ ਦਾ ਜਵਾਬ ਨਾ ਦਿੱਤਾ ਤਾਂ ਉਹ ਭੁੱਖ ਹੜਤਾਲ ‘ਤੇ ਬੈਠ ਜਾਣਗੇ ਤੇ ਨਾਲ ਹੀ ਉਹਨਾਂ ਕਿਹਾ ਕਿ ਉਹ ਆਪਣੀ ਨੌਕਰੀ ਛੱਡਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।