ਦੇਸ਼ਧ੍ਰੋਹ ਦੇ ਇਲਜ਼ਾਮ ’ਚ ਜੇਲ੍ਹ ਭੇਜੇ ਕਿਸਾਨਾਂ ਨੂੰ ਰਿਹਾਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਬਲਦੇਵ ਸਿੰਘ ਸਿਰਸਾ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ। ਕੱਲ੍ਹ ਦੇਰ ਸ਼ਾਮ ਤੋਂ ਸ਼ੁਰੂ ਕੀਤਾ ਗਿਆ ਧਰਨਾ ਜਾਰੀ ਹੈ। ਸਿਰਸਾ ਪੁਲੀਸ ਵੱਲੋਂ ਕਿਸਾਨਾਂ ’ਤੇ ਦਰਜ ਕੀਤੇ ਗਏ ਦੇਸ਼ ਧ੍ਰੋਹ ਦੇ ਮੁਕੱਦਮੇ ਤੇ ਪੰਜ ਕਿਸਾਨਾਂ ਨੂੰ ਜੇਲ੍ਹ ਭੇਜੇ ਜਾਣ ਦੇ ਵਿਰੋਧ ਵਿੱਚ ਕੱਲ੍ਹ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਉਸ ਸਮੇਂ ਪੱਕਾ ਮੋਰਚਾ ਲਾਇਆ, ਜਦੋਂ ਕਿਸਾਨ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਹੋਈ ਗੱਲਬਾਤ ਬੇਸਿੱਟਾ ਰਹੀ ਸੀ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਸਾਨਾਂ ਨੂੰ ਰਿਹਾਅ ਨਾ ਕੀਤੇ ਜਾਣ ’ਤੇ ਅੰਦੋਲਨ ਨੂੰ ਤਿੱਖਾ ਕਰਨ ਦਾ ਐਲਾਨ ਕੀਤਾ ਸੀ। ਇਸੇ ਲੜੀ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ। ਮਰਨ ਵਰਤ ਸ਼ੁਰੂ ਕਰਨ ਮਗਰੋਂ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿਸਾਨ ਪੰਜੇ ਕਿਸਾਨਾਂ ਨੂੰ ਰਿਹਾਅ ਨਹੀਂ ਕਰ ਦਿੰਦੀ। ਕਿਸਾਨਾਂ ਨੂੰ ਰਿਹਾਅ ਕਰਨ ਲਈ ਉਨ੍ਹਾਂ ਨੂੰ ਆਪਣੀ ਜਾਨ ਕੁਰਬਾਨ ਕਰਨ ਤੋਂ ਪਿੱਛੇ ਨਹੀਂ ਹਟਣਗੇ।