ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਬੁੱਧਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਇਸ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਐਗਜ਼ਿਟ ਪੋਲ ਹਮੇਸ਼ਾ ਝੂਠੇ ਹੁੰਦੇ ਹਨ। ਇਸ ਵਿੱਚ ਕੋਈ ਵੀ ਪੰਜਾਬੀ ਵਿਸ਼ਵਾਸ ਨਹੀਂ ਕਰਦਾ। ਸਰਕਾਰਾਂ ਹੁਣ ਪੈਸੇ ਨਾਲ ਚੋਣਾਂ ਕਰਵਾਉਂਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਅਕਾਲੀ-ਬਸਪਾ ਗਠਜੋੜ ਆਪਣੇ ਦਮ ‘ਤੇ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਅਸੀਂ ਵੱਡੇ ਪੱਧਰ ‘ਤੇ ਜਿੱਤਾਂਗੇ ਅਤੇ ਕਾਂਗਰਸ ਦਾ ਸਫਾਇਆ ਹੋ ਜਾਵੇਗਾ।
ਦੱਸ ਦੇਈਏ ਕਿ ਪੰਜਾਬ ‘ਚ ਕਿਸ ਦੀ ਸਰਕਾਰ ਬਣੇਗੀ, ਇਸ ਦਾ ਫੈਸਲਾ ਕੱਲ੍ਹ ਲਿਆ ਜਾਵੇਗਾ। ਕੱਲ੍ਹ ਭਾਰਤ ਦਾ ਚੋਣ ਕਮਿਸ਼ਨ ਪੰਜਾਬ ਸਮੇਤ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਚੋਣਾਂ ਦੇ ਨਤੀਜੇ ਐਲਾਨ ਕਰੇਗਾ। ਗਿਣਤੀ ਕੇਂਦਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।