ਪੰਜਾਬ ਵਿਚ ਕਿਸਾਨਾਂ ਦੀ ਨਰਮੇ ਦੀ ਫਸਲ ‘ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਕਾਰਣ ਕਈ ਏਕੜ ਫਸਲ ਨੁਕਸਾਨੀ ਗਈ ਹੈ। ਜਿਸ ਨੂੰ ਦੇਖਣ ਲਈ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੌਰਾ ਵੀ ਕੀਤਾ ਗਿਆ ਸੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਭਾਰੀ ਘਾਟੇ ਝੱਲਣ ਵਾਲੇ ਕਪਾਹ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਨਾਕਾਮ ਰਹਿਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਸਰਕਾਰ ਦੇ ਕਿਸਾਨਾਂ ਨਾਲ ਵਾਅਦੇ ਪੁਗਾਉਣ ਤੋਂ ਇਨਕਾਰ ਹੋਣ ਦੇ ਰਵੱਈਏ ਕਾਰਨ ਇਕੱਲੇ ਬਠਿੰਡਾ ਜ਼ਿਲ੍ਹੇ ਵਿਚ ਪਿਛਲੇ 4 ਦਿਨਾਂ ਵਿਚ 5 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ।
ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦ ਸਿੰਘ ਰੰਧਾਵਾ ਨੇ ਗੁਲਾਬੀ ਸੁੰਡੀ ਨਾਲ ਹੋਏ ਫਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਪਾਹ ਪੱਟੀ ਦੇ ਦੌਰੇ ਸਮੇਂ ਡਰਾਮੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਨੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਕੀਤੀ ਤੇ ਨਾ ਹੀ ਇਸਨੇ ਫਸਲ ਤਬਾਹ ਹੋਣ ਨਾਲ ਭਾਰੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਕੋਈ ਤੁਰੰਤ ਰਾਹਤ ਪ੍ਰਦਾਨ ਕੀਤੀ।
ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਹਜ਼ਾਰਾਂ ਏਕੜ ਕਪਾਹ ਦੀ ਫਸਲ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਮਾਯੂਸ ਕਿਸਾਨ ਖੁਦਕੁਸ਼ੀ ਦੇ ਰਾਹ ਪੈ ਗਏ ਹਨ ਕਿਉਂਕਿ ਕਾਂਗਰਸ ਸਰਕਾਰ ਆਪਣੀ ਅੰਦਰੂਨੀ ਲੜਾਈ ਵਿਚ ਰੁੱਝੀ ਹੋਈ ਹੈ ਤੇ ਉਸ ਕੋਲ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਮਾਂ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੈਂਕੜੇ ਏਕੜ ਕੀਟਨਾਸ਼ਕ ਛਿੜਕਣ ਦੇ ਬਾਵਜੂਦ ਕਿਸਾਨਾਂ ਨੁੰ ਬਿਮਾਰੀ ਤੋਂ ਮੁਕਤੀ ਨਹੀਂ ਮਿਲੀ ਤੇ ਸਰਕਾਰ ਉਨ੍ਹਾਂ ਦੀ ਰਾਹਤ ਵਿਚ ਨਹੀਂ ਬਹੁੜੀ। ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਸਰਕਾਰ ਉਨ੍ਹਾਂ ਖਿਲਾਫ ਵੀ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ, ਜਿਨ੍ਹਾਂ ਨੇ ਕਿਸਾਨਾਂ ਨੂੰ ਨਕਲੀ ਬੀਜ ਪ੍ਰਦਾਨ ਕੀਤੇ। ਉਨ੍ਹਾਂ ਨੇ ਸਰਕਾਰ ਨੁੰ ਅਪੀਲ ਕੀਤੀ ਕਿ ਉਸ ਮਾਮਲੇ ਵਿਚ ਤੁਰੰਤ ਕਾਰਵਾਈ ਕਰੇ ਤਾਂ ਜੋ ਬੇਸ਼ਕੀਮਤੀ ਜਾਨਾਂ ਬਚਾਈਆਂ ਜਾ ਸਕਣ ਕਿਉਂਕਿ ਭਾਰੀ ਘਾਟਿਆਂ ਕਾਰਨ ਕਿਸਾਨ ਖੁਦਕੁਸ਼ੀਆਂ ਕਰਨ ਦੇ ਰਾਹ ਪੈ ਗਏ ਹਨ ਤੇ ਵੱਡੀ ਪੱਧਰ ‘ਤੇ ਖੁਦਕੁਸ਼ੀਆਂ ਦਾ ਦੌਰ ਮੁੜ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਰਕਾਰ ਨੂੰ ਲੰਬਾ ਸਮਾਂ ਪਹਿਲਾਂ ਚੌਕਸ ਕੀਤਾ ਸੀ ਪਰ ਚੰਨੀ ਸਰਕਾਰ ਸਮੇਂ ਸਿਰ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ।