ਨਾਭਾ ਬਲਾਕ ਦੇ ਪਿੰਡ ਚਹਿਲ ਵਿਖੇ 28 ਜੂਨ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਇਕ ਸੜਕ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਜਿਸ ਤੋਂ ਬਾਅਦ ਉਥੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ| ਕਿਸਾਨ ਔਰਤ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਲੈ ਕੇ ਧਰਮਸੋਤ ਨੂੰ ਘੇਰਿਆ ਸੀ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੁਬਾਰਾ ਫਿਰ ਘੇਰਿਆ ਗਿਆ |ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਸਬ-ਤਹਿਸੀਲ ਭਾਦਸੋਂ ਵਿਖੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਲਈ ਆਏ ਸਨ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨ ਔਰਤ ਆਗੂ ਤੋਂ ਧਰਮਸੋਤ ਮੁਆਫੀ ਨਹੀਂ ਮੰਗਦਾ ਉਦੋਂ ਤਕ ਸਾਡਾ ਵਿਰੋਧ ਜਾਰੀ ਰਹੇਗਾ। ਦੂਜੇ ਪਾਸੇ ਧਰਮਸੋਤ ਨੇ ਕਿਹਾ ਕਿ ਮੈਂ ਕੋਈ ਵੀ ਕਿਸਾਨ ਜਥੇਬੰਦੀਆਂ ਦੇ ਖ਼ਿਲਾਫ਼ ਅਪਸ਼ਬਦ ਨਹੀਂ ਬੋਲੇ।
ਇਸ ਮੋਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਜੋ 28 ਜੂਨ ਨੂੰ ਅਸੀਂ ਕੈਬਨਿਟ ਮੰਤਰੀ ਧਰਮਸੋਤ ਦਾ ਵਿਰੋਧ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਾਡੀ ਕਿਸਾਨ ਬੀਬੀ ਨੂੰ ਅਪਸ਼ਬਦ ਬੋਲੇ ਗਏ ਸਨ ਅਤੇ ਕਿਹਾ ਗਿਆ ਸੀ ਕਿ ਇਹ ਤਾਂ ਦਿਹਾੜੀ ਤੇ ਆਈ ਹੈ ਅਤੇ ਨਾ ਹੀ ਇਹ ਕਿਸਾਨ ਹੈ ਅਸੀਂ ਇਸ ਸੰਬੰਧ ਵਿਚ ਲਗਾਤਾਰ ਕੈਬਨਿਟ ਮੰਤਰੀ ਦਾ ਵਿਰੋਧ ਕਰਦੇ ਆ ਰਹੇ ਹਾਂ ਅਤੇ ਅੱਜ ਅਸੀਂ ਇਸ ਕਰਕੇ ਵਿਰੋਧ ਕੀਤਾ ਹੈ ਕਿਉਂਕਿ ਜਦੋਂ ਤੱਕ ਧਰਮਸੋਤ ਕਿਸਾਨ ਬੀਬੀ ਤੋਂ ਜਨਤਕ ਤੌਰ ਤੇ ਮੁਆਫ਼ੀ ਨਹੀਂ ਮੰਗਦੇ ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਿੱਥੇ ਜਿੱਥੇ ਵੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਿੰਡਾਂ ਵਿੱਚ ਜਾਏਗਾ ਉੱਥੇ ਕਿਸਾਨ ਆਗੂ ਲਗਾਤਾਰ ਵਿਰੋਧ ਕਰਦੇ ਰਹਿਣਗੇ।
ਇਸ ਸੰਬੰਧ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਗੱਲਬਾਤ ਕੀਤੀ ਉਨ੍ਹਾਂ ਨੇ ਕਿਹਾ ਕਿ ਇਹ ਬੱਸ ਸਟੈਂਡ ਡੇਢ ਕਰੋਡ਼ ਦੀ ਲਾਗਤ ਨਾਲ ਤਿਆਰ ਕੀਤਾ ਜਾਏਗਾ ਅਤੇ ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਜੋ ਤੁਸੀਂ ਕਿਸਾਨ ਬੀਬੀ ਦੇ ਖਿਲਾਫ ਅਪਸ਼ਬਦ ਬੋਲੇ ਹਨ ਇਹ ਉਸ ਦਾ ਵਿਰੋਧ ਹੋ ਰਿਹਾ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਕਿਸਾਨ ਬੀਬੀ ਦੇ ਖ਼ਿਲਾਫ਼ ਕੋਈ ਵੀ ਅਪਸ਼ਬਦ ਨਹੀਂ ਬੋਲੇ।
ਇਕ ਪਾਸੇ ਜਿਥੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਦੂਜੇ ਪਾਸੇ ਨਾਭਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕਿਸਾਨ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਹ ਪਹਿਲਾ ਮਾਮਲਾ ਨਹੀਂ ਹੈ ਕਿ ਧਰਮਸੋਤ ਦੇ ਖ਼ਿਲਾਫ਼ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ ਇਹ ਨਾਭੇ ਹਲਕੇ ਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ ਜੋ ਧਰਮਸੋਤ ਨੂੰ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।