ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਸਿੱਖ ਲੇਖਕ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ਼ੋਕ ਸੁਨੇਹੇ ਵਿਚ ਕਿਹਾ ਕਿ ਡਾ. ਸਰੂਪ ਸਿੰਘ ਅਲੱਗ ਸਿੱਖ ਕੌਮ ਲਈ ਨਿਰੰਤਰ ਕਾਰਜਸ਼ੀਲ ਵਿਦਵਾਨ ਲੇਖਕ ਸਨ, ਜਿਨ੍ਹਾਂ ਨੇ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਸਬੰਧੀ 100 ਤੋਂ ਜ਼ਿਆਦਾ ਕਿਤਾਬਾਂ ਲਿਖੀਆਂ।
ਉਨ੍ਹਾਂ ਕਿਹਾ ਕਿ ਡਾ. ਅਲੱਗ ਦੇ ਚਲਾਣੇ ਨਾਲ ਇਕ ਚੰਗਾ ਸਿੱਖ ਲੇਖਕ ਸਦਾ ਲਈ ਵਿਛੜ ਗਿਆ ਹੈ ਅਤੇ ਪੰਥ ਦਾ ਇਹ ਘਾਟਾ ਕਦੇ ਪੂਰਾ ਨਹੀਂ ਹੋਵੇਗਾ। ਉਨ੍ਹਾਂ ਡਾ. ਸਰੂਪ ਸਿੰਘ ਅਲੱਗ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਉਨ੍ਹਾਂ ਦੀ ਸੇਵਾਵਾਂ ਨੂੰ ਯਾਦ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖੀ ਦੀ ਚੜ੍ਹਦੀ ਕਲਾ ਅਤੇ ਪ੍ਰਸਾਰ ਪ੍ਰਚਾਰ ਲਈ ਯੋਗਦਾਨ ਪਾਉਣ ਵਾਲੇ ਸਿੱਖ ਵਿਦਵਾਨਾਂ ਵਿਚ ਡਾ. ਸਰੂਪ ਸਿੰਘ ਅਲੱਗ ਦਾ ਨਾਂ ਮੋਹਰੀ ਕਤਾਰ ਵਿਚ ਦਰਜ ਸੀ ਅਤੇ ਉਨ੍ਹਾਂ ਦੀਆਂ ਲਿਖਤਾਂ ਤੋਂ ਸਿੱਖ ਸੰਗਤਾਂ ਪ੍ਰੇਰਣਾ ਲੈਂਦੀਆਂ ਰਹਿਣਗੀਆਂ।
ਉਨ੍ਹਾਂ ਅਰਦਾਸ ਕੀਤੀ ਕਿ ਕਰਤਾ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।