ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ ਜਿੱਥੇ ਕਿ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਗੱਲ ਕਹੀ।ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉੱਤਰੀ ਭਾਰਤ ’ਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਅਸਲ ਸ਼ਾਨ ਨੂੰ ਮੁੜ ਤੋਂ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਤੋਂ ਪੂਰਨ ਸਹਿਯੋਗ ਤੇ ਸਮਰਥਨ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਬਹਾਦਰ ਨਾਇਕਾਂ ਤੋਂ ਸਦਾ ਪ੍ਰੇਰਨਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਚ ਬਦਲਾਖੋਰੀ ਲਈ ਕੋਈ ਥਾਂ ਨਹੀਂ ਹੈ ਅਤੇ ਇਸ ਲਈ ਕਿਸੇ ਨੂੰ ਵੀ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਅਧਿਆਪਕਾਂ ਦੇ ਲਟਕਦੇ ਸਾਰੇ ਮਸਲਿਆਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਬਹੁਤ ਜਲਦ ਹੱਲ ਕੀਤਾ ਜਾਵੇਗਾ ਅਤੇ ਹੁਣ ਕਿਸੇ ਵੀ ਅਧਿਆਪਕ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਪਾਣੀ ਦੀਆਂ ਟੈਂਕੀਆਂ ‘ਤੇ ਨਹੀਂ ਚੜ੍ਹਨਾ ਪਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ‘ਤੇ ਪੰਜਾਬ ਦੇ ਸਕੂਲ-ਕਾਲਜ ਅਧਿਆਪਕਾਂ ਤੋਂ ਸਿੱਖਿਆ ਤੋਂ ਬਿਨਾਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ।
ਵਿਦੇਸ਼ਾਂ ਵੱਲ ਜਾ ਰਹੀ ਜਵਾਨੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਦੇ ਮੌਕੇ ਪੰਜਾਬ ’ਚ ਹੀ ਦਿੱਤੇ ਜਾਣਗੇ ਪੰਜਾਬ ਦੇ ਲੋਕ ਆਈਲੈਟਸ ਨੂੰ ਡਿਗਰੀ ਬਣਾਈ ਬੈਠੇ ਹਨ ਜੋ ਕਿ ਮਹਿਜ਼ ਇਕ ਛੋਟਾ ਜਿਹਾ ਟੈਸਟ ਹੈ ਉਨ੍ਹਾਂ ਨੂੰ ਇਸ ਭੁਲੇਖੇ ‘ਚੋਂ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ’ਚ ਅਥਾਹ ਸ਼ਕਤੀ ਹੈ ਅਤੇ ਹੁਣ ਇਸ ਨੂੰ ਨਵੀਂ ਸੇਧ ਦਿੱਤੀ ਜਾਵੇਗੀ ਤਾਂ ਕਿ ਉਹ ਹੁਨਰਮੰਦ ਬਣ ਕੇ ਸਮਾਜ ਦੇ ਚੰਗੇ ਨਾਗਰਿਕ ਬਣ ਸਕਣ।