Bhagwant Mann visit Bhahra Dam: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ‘ਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਬਰਸਾਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਉਨ੍ਹਾਂ ਕਿਹਾ ਕਿ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦੀ ਫੌਰੀ ਲੋੜ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਜਦੋਂ ਕਿ 23 ਜੁਲਾਈ ਨੂੰ ਡੈਮ ਵਿੱਚ ਪਾਣੀ ਦਾ ਪੱਧਰ 1653 ਫੁੱਟ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੇ ਪੱਧਰ ਬਾਰੇ ਬਾਕਾਇਦਾ ਲੋਕਾਂ ਨੂੰ ਜਾਣਕਾਰੀ ਦੇਣ ਲਈ ਆਖਿਆ ਤਾਂ ਕਿ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਰਾਹਤ ਵਾਲੀ ਗੱਲ ਹੈ ਕਿ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਪਾਣੀ ਦਾ ਪੱਧਰ ਹੋਰ ਘਟੇਗਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਕੋਲੋਂ ਪੁਸ਼ਟੀ ਕੀਤੇ ਬਿਨਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਜਾਂ ਹੜ੍ਹਾਂ ਸਬੰਧੀ ਅਫ਼ਵਾਹਾਂ ਉਤੇ ਬਿਲਕੁੱਲ ਵਿਸ਼ਵਾਸ ਨਾ ਕੀਤਾ ਜਾਵੇ।
ਮੇਰੀ ਅੱਜ BBMB ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਹੈ
ਭਾਖੜਾ ਡੈਮ ਬਿਲਕੁਲ ਕੰਟਰੋਲ ‘ਚ ਹੈ ਤੇ ਪੰਜਾਬ ਨੂੰ ਕੋਈ ਖ਼ਤਰਾ ਨਹੀਂ ਹੈ
ਮੇਰੇ ਕੋਲ ਸਾਰੇ ਅੰਕੜੇ ਪਏ ਨੇ ਭਾਖੜਾ ਦੇ ਪਾਣੀ ਦਾ ਲੈਵਲ ਖ਼ਤਰੇ ਦੇ ਨਿਸ਼ਾਨ ਤੋਂ ਥੱਲੇ ਚੱਲ ਰਿਹਾ ਹੈ
ਲੋਕਾਂ ਨੂੰ ਅਪੀਲ ਕਰਦਾਂ ਕਿ ਉਹ ਅਫ਼ਵਾਹਾਂ ‘ਚ ਨਾ ਆਓਣ
ਮੀਡੀਆ ਵਾਲੇ ਭੜਕਾਊ ਟਾਈਟਲ ਦੇਣ ਤੋਂ ਪਰਹੇਜ਼… pic.twitter.com/JjX0nhMJcf
— AAP Punjab (@AAPPunjab) July 23, 2023
ਪੰਜਾਬ ਸੀਐਮ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਫ਼ਰਜ਼ੀ ਖ਼ਬਰਾਂ ਚਲਾ ਕੇ ਦਹਿਸ਼ਤ ਪੈਦਾ ਕਰਨ ਦੀ ਥਾਂ ਉਸਾਰੂ ਭੂਮਿਕਾ ਨਿਭਾਏ। ਉਨ੍ਹਾਂ ਕਿਹਾ ਕਿ 9, 10 ਤੇ 11 ਜੁਲਾਈ ਨੂੰ ਇਸ ਖ਼ਿੱਤੇ ਵਿੱਚ ਭਾਰੀ ਬਾਰਸ਼ ਹੋਈ, ਜਿਹੜੀ ਪਿਛਲੇ ਇਕ ਮਹੀਨੇ ਵਿੱਚ ਹੋਈ ਕੁੱਲ ਬਾਰਸ਼ ਨਾਲੋਂ ਕਿਤੇ ਵੱਧ ਸੀ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਸਥਿਤੀ ਉਤੇ ਮੁਕੰਮਲ ਨਜ਼ਰ ਰੱਖਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਸ ਗੰਭੀਰ ਸਥਿਤੀ ਵਿੱਚ ਵੀ ਸਿਆਸਤ ਕਰਨ ਲਈ ਸਿਆਸੀ ਵਿਰੋਧੀਆਂ `ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਹਿਰਾਂ ਦੀ ਸਫ਼ਾਈ ਤੱਕ ਹਰ ਖੇਤਰ ਵਿੱਚ ਜ਼ਿਕਰਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਿੰਜਾਈ ਅਤੇ ਡਰੇਨੇਜ਼ ਵਿਭਾਗ ਭ੍ਰਿਸ਼ਟ ਨੇਤਾਵਾਂ ਅਤੇ ਉਨ੍ਹਾਂ ਦੀਆਂ ਕਠਪੁਤਲੀਆਂ ਲਈ ‘ਕਮਾਊ ਪੁੱਤ’ ਬਣ ਕੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਡਰੇਨੇਜ਼ ਅਤੇ ਸਿੰਜਾਈ ਵਿਭਾਗ ਦਾ ਪੈਸਾ ਆਪਣੇ ਸਵਾਰਥਾਂ ਲਈ ਹੜੱਪ ਲਿਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਪਹਿਲਾਂ ਹੀ ਇਸ ਵਿਭਾਗ ਵਿੱਚ ਵੱਡੇ ਘਪਲੇ ਦੀ ਜਾਂਚ ਕਰ ਰਿਹਾ ਹੈ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਭਾਵੇਂ ਸਹੀ ਰਕਮ ਦਾ ਹਿਸਾਬ ਲਗਾਇਆ ਜਾਣਾ ਬਾਕੀ ਹੈ ਪਰ ਹੜ੍ਹਾਂ ਕਾਰਨ ਸੂਬੇ ਨੂੰ ਲਗਪਗ ਇਕ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦਾ ਜ਼ਮੀਨੀ ਮੁਲਾਂਕਣ ਸਥਿਤੀ `ਤੇ ਕਾਬੂ ਪਾਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਸੂਬੇ ਲਈ ਮੁਕੰਮਲ ਰਾਹਤ ਪੈਕੇਜ ਦੀ ਮੰਗ ਕੀਤੀ ਜਾਵੇਗੀ।
ਅਸੀਂ ਜਿੰਨੇ ਮਰਜ਼ੀ ਕਾਨੂੰਨ ਬਣਾ ਲਈਏ ਪਰ ਕੁਦਰਤ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਚੱਲਦਾ
1 ਮਹੀਨੇ ‘ਚ ਜਿੰਨਾ ਮੀਂਹ ਪੈਣਾ ਸੀ ਉਹ ਸਿਰਫ਼ ਦੋ ਦਿਨਾਂ ‘ਚ ਪੈ ਗਿਆ
ਡੈਮਾਂ ਕਰਕੇ ਸਾਡਾ ਬਹੁਤ ਬਚਾਅ ਹੋਇਆ ਹੈ
—CM @BhagwantMann pic.twitter.com/f0ceJXMaNz
— AAP Punjab (@AAPPunjab) July 23, 2023
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਪਹਿਲਾਂ ਹੀ ਇੱਕ ਖਾਕਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਹਿਰਾਂ ਦੀ ਚੈਨਲਾਈਜੇਸ਼ਨ ਯਕੀਨੀ ਬਣਾਈ ਜਾਵੇਗੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਲਈ ਨਵੀਂ ਨਹਿਰ ਦੀ ਉਸਾਰੀ ਦਾ ਪ੍ਰਸਤਾਵ ਵੀ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨੱਕੋ-ਨੱਕ ਭਰੀਆਂ ਨਹਿਰਾਂ ਦੀ ਸਫ਼ਾਈ ਨੂੰ ਵੀ ਸੂਬਾ ਸਰਕਾਰ ਵੱਲੋਂ ਪਹਿਲੀ ਤਰਜੀਹ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ `ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਫਸਲਾਂ, ਘਰਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦਾ ਪਹਿਲ ਦੇ ਆਧਾਰ `ਤੇ ਪਤਾ ਲਾਇਆ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਆਖਰੀ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਵੀ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਆਪਣੇ-ਆਪਣੇ ਇਲਾਕਿਆਂ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦੇ ਚੁੱਕੇ ਹਨ।
ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੰਗਲ ਅਤੇ ਕੰਢੀ ਖੇਤਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਹੁਣ ਤੋਂ 40 ਦਿਨ ਪਹਿਲਾਂ ਵੀਡੀਓਆਂ ਆ ਰਹੀਆਂ ਸੀ ਕਿ 40 ਸਾਲ ਬਾਅਦ ਕੱਸੀਆਂ ‘ਚ ਨਹਿਰੀ ਪਾਣੀ ਆਇਆ ਸੀ, ਉਹ ਇਸ ਕਰਕੇ ਹੀ ਆਇਆ ਸੀ ਜੇ ਅਸੀਂ ਉਨ੍ਹਾਂ ਦੀ ਸਫ਼ਾਈ ਕੀਤੀ ਹੋਈ ਸੀ
ਵਿਰੋਧੀਆਂ ਨੂੰ ਮੇਰੀ ਬੇਨਤੀ ਹੈ ਕਿ ਘੱਟੋ-ਘੱਟ ਉਹ ਇਸ ਸਮੇਂ ਤਾਂ ਰਾਜਨੀਤੀ ਨਾ ਕਰਨ, ਇਹ ਸਭ ਉਨ੍ਹਾਂ ਦੀ ਹੀ ਦੇਣ ਹੈ
ਅਸੀਂ ਆਉਣ ਵਾਲੇ ਸਮੇਂ ‘ਚ ਇਸ ਤਰ੍ਹਾਂ ਦੀ ਸਥਿਤੀ… pic.twitter.com/DYB0aUCqiN
— AAP Punjab (@AAPPunjab) July 23, 2023
ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਦੀ ਰਫ਼ਤਾਰ ਵਿੱਚ ਇਨ੍ਹਾਂ ਖੇਤਰਾਂ ਨੂੰ ਹੁਣ ਤੱਕ ਅਣਗੌਲਿਆ ਕੀਤਾ ਗਿਆ ਹੈ ਪਰ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਅਥਾਹ ਕੁਦਰਤੀ ਸੁੰਦਰਤਾ ਵਾਲੇ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਭਾਖੜਾ ਡੈਮ ਦਾ ਵੀ ਦੌਰਾ ਕੀਤਾ ਅਤੇ ਡੈਮ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਡੈਮ ਦੀ ਉਸਾਰੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਸਕੱਤਰ ਸਿੰਜਾਈ ਵਿਭਾਗ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h