ਪੰਜਾਬ ‘ਚ CM ਭਗਵੰਤ ਮਾਨ ਦੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਰੁਜਗਾਰ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ। ਫੈਸਲੇ ‘ਚ ਪੰਜਾਬ ਦੇ ਨੌਜਵਾਨਾਂ ਲਈ ਮਾਨ ਸਰਕਾਰ ਨੇ 25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਹੈ। ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋਂ ਅਰਵਿੰਦ ਕੇਜਰੀਵਾਲ ਦਾ ਇਕ ਟਵੀਟ ਦੇਖਣ ਨੂੰ ਮਿਲਿਆ ਹੈ ਜਿਸ ‘ਚ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਫੈਸਲੇ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਮਾਨ ਸਾਹਿਬ ਨੂੰ ਇਸ ਫੈਸਲੇ ਲਈ ਬਹੁਤ ਬਹੁਤ ਮੁਬਾਰਕਾਂ। ਲੋਕ ਬਹੁਤ ਖੁਸ਼ ਹੋਣਗੇ ਕਿ ਉਨ੍ਹਾਂ ਨੇ ਸਹੀ ਸਰਕਾਰ ਚੁਣੀ’।
ਦੱਸ ਦੇਈਏ ਕਿ ਇਹ ਭਰਤੀਆਂ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਕੀਤੀਆਂ ਜਾਣਗੀਆਂ। ਪੰਜਾਬ ਪੁਲਿਸ ‘ਚ 10 ਹਜ਼ਾਰ, ਕਾਰਪੋਰੇਸ਼ਨਾਂ ਤੇ ਬੋਰਡ ‘ਚ 15 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੀ ਗੱਲ ਕਹੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਗਵੰਤ ਮਾਨ ਨੇ ਇਕ ਵੀਡੀਓ ਸ਼ੇਅਰ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਡਿਗਰੀ ਤੇ ਕਾਬਿਲਤਾ ਦੇ ਮੁਤਾਬਕ ਮਿਲਣਗੀਆਂ ਜੋ ਜਿਨ੍ਹਾ ਕਾਬਿਲ ਹੋਵੇਗਾ ਉਸ ਨੂੰ ਉਸ ਮੁਤਾਬਕ ਨੌਕਰੀ ਦਿੱਤੀ ਜਾਵੇਗੀ। ਹਾਲਾਂਕਿ, ਇਸਦੇ ਕੁਝ ਕਾਨੂੰਨੀ ਪਹਿਲੂ ਵੀ ਹਨ। ਇਸ ਲਈ ਇਹ ਪ੍ਰਸਤਾਵ ਸਭ ਤੋਂ ਪਹਿਲਾਂ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਹੀ ਇਸ ਨੂੰ ਜਨਤਕ ਕੀਤਾ ਜਾਵੇਗਾ।