ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਹੋਰ ਮੁੱਦਿਆਂ ਨੂੰ ਲੈ ਕੇ ਕੀਤੇ ਗਏ ਹੰਗਾਮੇ ਕਾਰਨ ਲੋਕ ਸਭਾ ਤੇ ਰਾਜ ਸਭਾ ਵਿਚ ਕਾਰਵਾਈ ਮੁਲਤਵੀ ਕਰਨੀ ਪਈ। ਲੋਕ ਸਭਾ ਵਿਚ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਗਏ ਹੰਗਾਮੇ ਕਾਰਨ ਪਹਿਲਾਂ ਸਵੇਰੇ 11.30 ਕੁ ਵਜੇ ਲੋਕ ਸਭਾ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕੀਤੀ ਗਈ। ਉਸ ਤੋਂ ਬਾਅਦ ਬਾਅਦ ਦੁਪਹਿਰ 2 ਵਜੇ ਕਾਰਵਾਈ ਮੁੜ ਸ਼ੁਰੂ ਹੋਣ ’ਤੇ ਕਾਂਗਰਸੀ ਮੈਂਬਰਾਂ ਨੇ ਫਿਰ ਤੋਂ ਹੰਗਾਮਾ ਕੀਤਾ ਜਿਸ ਕਾਰਨ ਹੇਠਲੇ ਸਦਨ ਦੀ ਕਾਰਵਾਈ ਬਾਅਦ ਦੁਪਹਿਰ 3.30 ਵਜੇ ਤੱਕ ਦੁਬਾਰਾ ਮੁਲਤਵੀ ਕਰ ਦਿੱਤੀ ਗਈ। ਇਸੇ ਦੌਰਾਨ ਰਾਜ ਸਭਾ ਵਿਚ ਵੀ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਖੇਤੀ ਕਾਨੂੰਨਾਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਕੀਤੇ ਗਏ ਹੰਗਾਮੇ ਕਾਰਨ ਦੁਪਹਿਰ 1.30 ਕੁ ਵਜੇ ਕਾਰਵਾਈ ਮੁਲਤਵੀ ਕਰਨੀ ਪਈ।