ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੁੱਝ ਦਿਨਾਂ ਪਹਿਲਾਂ ਹੀ 21 ਦਿਨਾਂ ਦੀ ਫਰਲੋ ‘ਤੇ ਬਾਹਰ ਆਏ ਡੇਰਾ ਮੁਖੀ ਰਾਮ ਰਹੀਮ ਨੂੰ ਖ਼ਾਲਿਸਤਾਨ ਸਮਰਥਕਾਂ ਵੱਲੋਂ ਖ਼ਤਰਾ ਹੋਣ ਦੇ ਮੱਦੇਨਜ਼ਰ ਉਸ ਨੂੰ ਜ਼ੈੱਡ ਪਲੱਸ ਸਕਿਊਰਿਟੀ ਦਿੱਤੀ ਗਈ ਹੈ। ਇਸ ਦਾ ਖੁਲਾਸਾ ਹਰਿਆਣਾ ਪੁਲਿਸ ਦੇ ADGP ਵੱਲੋਂ ਰੋਹਤਕ ਰੇਂਜ ਦੇ ਕਮਿਸ਼ਨਰ ਨੂੰ ਲਿਖੇ ਇੱਕ ਪੱਤਰ ਵਿੱਚ ਹੋਇਆ ਹੈ।
ਜ਼ਿਕਰਯੋਗ ਹੈ ਕਿ ਡੇਰਾ ਮੁਖੀ ਰਾਮ ਰਹੀਮ ਨੂੰ 7 ਫਰਵਰੀ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਜਿਸ ਤੋਂ ਬਾਅਦ ਐੱਸਜੀਪੀਸੀ ਅਤੇ ਹੋਰ ਸਿਆਸੀ ਪਾਰਟੀਆਂ ਨੇ ਇਸ ਦਾ ਵਿਰੋਧ ਕੀਤਾ ਸੀ। ਦੱਸ ਦਈਏ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ। ਉਹ ਪੱਤਰਕਾਰ ਦੇ ਕਤਲ ਦੇ ਦੋਸ਼ ਵਿੱਚ ਵੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ 25 ਅਗਸਤ 2017 ਤੋਂ ਸਲਾਖਾਂ ਪਿੱਛੇ ਹੈ।