ਅੱਜ ਕਿਸਾਨਾਂ ਵੱਲੋਂ ਦੇਸ਼ ਭਰ ‘ਚ ਕਿਸਾਨੀ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ਤੇ 3 ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਾਲਾ ਦਿਵਸ ਮਣਾਇਆ ਜਾ ਰਿਹਾ ਹੈ | ਕਿਸਾਨਾਂ ਦੇ ਨਾਲ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੀ ਹਿਮਾਇਤ ‘ਚ ਆਪਣੇ ਘਰਾਂ ‘ਤੇ ਕਾਲੇ ਝੰਡੇ ਲਗਾ ਰਹੇ ਹਨ | ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲੇ ਝੰਡੇ ਲਹਿਰਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਹਿਰਾਉਂਦਾ ਨਜ਼ਰ ਆਇਆ। ਇਸ ਤੋਂ ਪਹਿਲਾਂ ਕਿਸਾਨੀ ਘੋਲ ਦੇ ਸਮਰਥਨ ‘ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨ ਹੀ ਆਪਣੀ ਰਿਹਾਇਸ਼ ਵਿਖੇ ਕਾਲਾ ਝੰਡਾ ਲਹਿਰਾ ਦਿੱਤਾ ਗਿਆ ਸੀ।ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਸੀ। ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਸੀ ਕਿ ਉਹ 26 ਮਈ ਨੂੰ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਖ਼ਿਲਾਫ਼ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਸੀ ਕਿ ਉਹ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨ। ਉਨ੍ਹਾਂ ਕਿਹਾ ਸੀ ਕਿ ਲੋਕਤੰਤਰ ਵਿਚ ਹਊਮੈ ਦੀ ਕੋਈ ਥਾਂ ਨਹੀਂ ਹੈ।